ਜਮਹੂਰੀ ਅਧਿਕਾਰ ਸਭਾ ਪੰਜਾਬ 17 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਰੇਲ ਰੋਕੋ ਅੰਦੋਲਨ ਨੂੰ ਦਬਾਉਣ ਲਈ ਸੈਂਕੜੇ ਕਿਸਾਨ ਕਾਰਕੁੰਨਾਂ ਤੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ 'ਚ ਬੰਦ ਕਰਨ ਅਤੇ ਅੰਮ੍ਰਿਤਸਰ ਵਿਚ ਕਿਸਾਨ ਕਾਰਕੁੰਨਾਂ ਉੱਪਰ ਦਫ਼ਾ 304 ਤੇ ਹੋਰ ਧਾਰਾਵਾਂ ਤਹਿਤ ਸੰਗੀਨ ਪਰਚਾ ਦਰਜ਼ ਕਰਨ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ। ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਅਜਮੇਰ ਸਿੰਘ ਔਲੱਖ ਅਤੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਵਲੋਂ ਜਾਰੀ ਕੀਤੇ ਬਿਆਨ 'ਚ ਕਿਹਾ ਗਿਆ ਕਿ ਹੁਕਮਰਾਨਾਂ ਵਲੋਂ ਅਪਣਾਏ ਆਰਥਕ ਮਾਡਲ ਕਾਰਨ ਪੰਜਾਬ ਦੀ ਕਿਸਾਨੀ ਡੂੰਘੇ ਸੰਕਟ ਦੀ ਲਪੇਟ ਵਿਚ ਹੈ। ਇਨ੍ਹਾਂ ਹਾਲਾਤ 'ਚ ਆਪਣੇ ਹਿੱਤਾਂ ਤੇ ਮਸਲਿਆਂ ਬਾਰੇ ਆਵਾਜ਼ ਉਠਾਉਣਾ ਅਤੇ ਜਥੇਬੰਦ ਹੋਣਾ ਨਾਗਰਿਕਾਂ ਦਾ ਜਮਹੂਰੀ ਹੱਕ ਹੈ। ਪੰਜਾਬ ਸਰਕਾਰ ਦਾ ਇਹ ਫਰਜ਼ ਸੀ ਕਿ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਉਠਾਏ ਜਾ ਰਹੇ ਮੰਗਾਂ ਤੇ ਮਸਲਿਆਂ ਨੂੰ ਤੁਰੰਤ ਮੁਖ਼ਾਤਿਬ ਹੁੰਦੀ ਅਤੇ ਸਬੰਧਤ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਦਾ ਜਮਹੂਰੀ ਢੰਗ ਅਪਣਾਉਂਦੀ।ਇਸ ਦੀ ਥਾਂ ਪੁਲਿਸ ਫੋਰਸ ਰਾਹੀਂ ਅੰਦੋਲਨਕਾਰੀਆਂ ਦੀ ਆਵਾਜ਼ ਨੂੰ ਦਬਾਉਣ ਦੇ ਮਕਸਦ ਨਾਲ 6 ਮਾਰਚ ਨੂੰ ਤੜਕੇ ਸੂਬੇ ਵਿਚ 319 ਥਾਵਾਂ 'ਤੇ ਛਾਪੇ ਮਾਰਕੇ ਵਿਆਪਕ ਦਮਨ ਚੱਕਰ ਚਲਾਇਆ ਗਿਆ ਤੇ 155 ਕਾਰਕੁੰਨਾਂ ਤੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਫਿਰ ਦਿਨ ਵੇਲੇ ਫਿਰ 1353 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਚੋਂ ਵੱਡੇ ਹਿੱਸੇ ਨੂੰ ਜੇਲ੍ਹਾਂ 'ਚ ਭੇਜ ਦਿੱਤਾ ਗਿਆ। ਹਕੂਮਤ ਦੀ ਇਹ ਕਾਰਵਾਈ ਲੋਕਾਂ ਦੇ ਜਮਹੂਰੀ ਹੱਕਾਂ 'ਤੇ ਹਮਲਾ ਹੈ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਹੈ। ਸਭਾ ਇਹ ਵੀ ਸਮਝਦੀ ਹੈ ਕਿ ਅੰਮ੍ਰਿਤਸਰ ਵਿਚ ਅੰਦੋਲਨਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਗਈ ਪਲਿਸ ਪਾਰਟੀ ਦੇ ਏ.ਐੱਸ.ਆਈ ਦੀ ਮੌਤ ਦੀ ਨਿਰਪੱਖ ਜਾਣ ਕਰਾਉਣ ਤੋਂ ਬਿਨਾ ਹੀ ਬਦਲਾਲਊ ਇਰਾਦੇ ਨਾਲ ਕਿਸਾਨ ਆਗੂਆਂ ਤੇ ਕਾਰਕੁੰਨਾਂ ਉੱਪਰ ਦਫ਼ਾ 304 ਤੇ ਹੋਰ ਧਾਰਾਵਾਂ ਤਹਿਤ ਸੰਗੀਨ ਪਰਚਾ ਦਰਜ਼ ਕਰਨਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਪੂਰੀ ਤਰ੍ਹਾਂ ਗ਼ੈਰਸੰਵਿਧਾਨਕ ਕਦਮ ਹੈ। ਸਭਾ ਦੇ ਆਗੂਆਂ ਨੇ ਕਿਹਾ ਕਿ ਅੰਦੋਲਨਕਾਰੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਸਾਨ ਆਗੂਆਂ 'ਤੇ ਦਰਜ਼ ਪਰਚਾ ਰੱਦ ਕੀਤਾ ਜਾਵੇ ਅਤੇ ਏ. ਐੱਸ.ਆਈ. ਦੇ ਕਤਲ ਦੀ ਬਿਨਾ ਦੇਰੀ ਨਿਰਪੱਖ ਜੁਡੀਸ਼ੀਅਲ ਜਾਂਚ ਕਰਾਈ ਜਾਵੇ ਅਤੇ ਉਨ੍ਹਾਂ ਦੇ ਮੰਗਾਂ ਤੇ ਮਸਲਿਆਂ ਦੇ ਨਿਪਟਾਰੇ ਲਈ ਗੱਲਬਾਤ ਦੀ ਪਹੁੰਚ ਅਪਣਾਈ ਜਾਵੇ।
7 ਮਾਰਚ 2013
No comments:
Post a Comment