Saturday, July 6, 2013

ਪ੍ਰੈੱਸ ਬਿਆਨ - ਜਮਹੂਰੀ ਅਧਿਕਾਰ ਸਭਾ, ਪੰਜਾਬ

ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ, ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਅਜਮੇਰ ਸਿੰਘ ਔਲੱਖ ਅਤੇ ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਆਂਧਰਾ ਪ੍ਰਦੇਸ ਦੇ ਰੈਵੋਲੂਸ਼ਨਰੀ ਡੈਮੋਕਰੇਟਿਕ ਫਰੰਟ ਦੇ ਮੀਤ ਪ੍ਰਧਾਨ ਕਾ. ਗਾਂਤੀ ਪ੍ਰਸਾਦ ਰਾਓ ਉਰਫ਼ ਪ੍ਰਸਾਦਮ ਨੂੰ ਪੁਲਿਸ ਵਲੋਂ ਬਣਾਏ ਗ਼ੈਰਕਾਨੂੰਨੀ ਚੌਕਸੀ ਗਰੋਹ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਗਾਂਤੀ ਪ੍ਰਸਾਦ ਰਾਓ ਉਰਫ਼ ਪ੍ਰਸਾਦਮ ਇਕ ਰਾਜਨੀਤਕ ਚੇਤਨਾ ਵਾਲੇ ਵਿਅਕਤੀ ਸਨ ਅਤੇ ਲੋਕ ਹਿੱਤਾਂ ਵਿਚ ਬਹੁਤ ਹੀ ਨਿਧੜਕ ਹੋ ਕਿ ਆਵਾਜ਼ ਉਠਾਉਂਦੇ ਸਨ। ਉਹ ਰਾਜਨੀਤਕ ਕੈਦੀਆਂ ਦੀ ਰਿਹਾਈ ਵਾਸਤੇ ਬਹੁਤ ਸਰਗਰਮ ਹਿੱਸਾ ਪਾ ਰਹੇ ਸਨ। ਇਨਕਲਾਬੀ ਕਵੀ ਅਤੇ ਲੇਖਕ ਸ੍ਰੀ ਪ੍ਰਸਾਦਮ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਜਿਥੇ ਮਿਹਨਤਕਸ਼ ਲੋਕਾਂ ਨੂੰ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਲੋਕ ਸੰਘਰਸ਼ਾਂ ਲਈ ਜਥੇਬੰਦ ਕਰਨ ਨੂੰ ਸਮਰਪਿਤ ਸਨ ਉੱਥੇ 'ਅਮਰਾਵੀਰੂ ਬੰਧੂ ਮਿਤਰੁਲਾ ਕਮੇਟੀ' ਰਾਹੀਂ ਮਾਓਵਾਦੀ ਲਹਿਰ ਲਈ ਕੰਮ ਕਰਦਿਆਂ ਮਾਰੇ ਗਏ ਕਾਰਕੁੰਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਕੋਸ਼ਿਸ਼ਾਂ ਜੁਟਾਉਂਦੇ ਸਨ।
ਸਭਾ ਦੇ ਆਗੂਆਂ ਨੇ ਦੇਸ਼ ਦੀ ਸੁਪਰੀਮ ਕੋਰਟ ਦੇ ਇਹਨਾਂ ਅਦੇਸ਼ਾਂ ਵਲ ਧਿਆਨ ਦਿਵਾਉਂਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਰਾਜਨੀਤਕ ਵਿਚਾਰਧਾਰਾ ਰੱਖਣ ਤੇ ਜਮਹੂਰੀ ਢੰਗ ਨਾਲ ਕੰਮ ਕਰਨ ਦਾ ਸੰਵਿਧਾਨਕ ਹੱਕ ਹੈ। ਪਰ ਇਸ ਤਰ੍ਹਾਂ ਰਾਜਨੀਤਕ ਕਾਰਕੁੰਨਾਂ ਦੇ ਕਤਲ ਇਕ ਬਹੁਤ ਹੀ ਖ਼ਤਰਨਾਕ ਰੁਝਾਨ ਹੈ ਅਤੇ ਜਮਹੂਰੀ ਕਦਰਾਂ-ਕੀਮਤਾਂ ਲਈ ਖ਼ਤਰਾ ਹੈ।  ਸਮੂਹ ਜਮਹੂਰੀ ਤੇ ਇਨਸਾਫ਼ਪਸੰਦ ਤਾਕਤਾਂ ਨੂੰ ਇਨ੍ਹਾਂ ਰਾਜਸੀ ਕਤਲਾਂ ਦਾ ਨੋਟਿਸ ਲੈਕੇ ਇਸ ਵਿਰੁੱਧ ਜ਼ੋਰਦਾਰ ਲੋਕ ਰਾਇ ਲਾਮਬੰਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹੁਕਮਰਾਨਾਂ ਨੂੰ ਰਾਜਕੀ ਹਿੰਸਾ ਦਾ ਰਾਹ ਤਿਆਗਕੇ ਲੋਕ ਮਸਲਿਆਂ ਦਾ ਹੱਲ ਗੱਲਬਾਤ ਰਾਹੀਂ ਕੱਢਣ ਵੱਲ ਮੋੜਿਆ ਜਾ ਸਕੇ।

ਜਾਰੀ ਕਰਤਾ:
ਬੂਟਾ ਸਿੰਘ,
ਪ੍ਰੈੱਸ ਸਕੱਤਰ
ਮਿਤੀ: 6 ਜੁਲਾਈ 2013


No comments:

Post a Comment