Wednesday, March 26, 2014

ਹਿਰਾਸਤ ਵਿਚ ਵਿਦਿਆਰਥੀਆਂ 'ਤੇ ਤਸ਼ੱਦਦ ਦੀ ਜਮਹੂਰੀ ਅਧਿਕਾਰ ਸਭਾ ਵਲੋਂ ਨਿਖੇਧੀ

ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ (ਪੰਜਾਬ) ਦੇ ਸੂਬਾ ਪ੍ਰਧਾਨ ਪ੍ਰੋਫੈਸਰ ਅਜਮੇਰ ਸਿੰਘ ਔਲੱਖ ਅਤੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਫ਼ੀਸਾਂ ਵਿਚ ਕੀਤੇ ਨਜਾਇਜ਼ ਵਾਧੇ ਨੂੰ ਵਾਪਸ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਅੰਦੋਲਨ ਕਰ ਰਹੇ ਸਟੂਡੈਂਟਸ ਫਾਰ ਸੁਸਾਇਟੀ ਦੇ ਵਿਦਿਆਰਥੀਆਂ ਉਪਰ ਯੂ.ਟੀ. ਪੁਲਿਸ ਵਲੋਂ ਕੈਂਪਸ ਵਿਚ ਜਾ ਕੇ ਹਮਲਾ ਕਰਨ, ਮੈਜਿਸਟਰੇਟ ਦੀ ਇਜਾਜ਼ਤ ਲਏ ਬਗ਼ੈਰ ਹੀ ਵਿਦਿਆਰਥੀਆਂ ਤੇ ਵਿਦਿਆਰਥਣਾਂ ਉਪਰ ਗ਼ੈਰਕਾਨੂੰਨੀ ਤਰੀਕੇ ਨਾਲ ਨਾ ਸਿਰਫ਼ ਲਾਠੀਚਾਰਜ ਕਰਨ ਸਗੋਂ ਉਨ੍ਹਾਂ ਨੂੰ ਬੰਦੂਕਾਂ ਦੇ ਬੱਟ ਮਾਰਕੇ ਬੇਰਹਿਮੀ ਨਾਲ ਕੁੱਟਣ ਅਤੇ ਫਿਰ ਗ੍ਰਿਫ਼ਤਾਰ ਕਰਕੇ ਪੁਲਿਸ ਹਿਰਾਸਤ ਅੰਦਰ ਭਾਰੀ ਤਸ਼ੱਦਦ ਢਾਹੁਣ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਸਭਾ ਦੇ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਇਸ਼ਾਰੇ 'ਤੇ ਇਸ ਪੁਲਿਸੀ ਕਾਰਵਾਈ ਨੂੰ ਪੂਰੀ ਤਰ੍ਹਾਂ ਭੜਕਾਊ, ਨਜਾਇਜ਼ ਤੇ ਗ਼ੈਰਕਾਨੂੰਨੀ ਤੇ ਜਮਹੂਰੀ ਹੱਕਾਂ ਦਾ ਘੋਰ ਉਲੰਘਣ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਇਸ ਵਹਿਸ਼ੀ ਜਬਰ ਦੀ ਮੈਜਿਸਟਰੇਟੀ ਜਾਂਚ ਕਰਾਈ ਜਾਵੇ, ਲਾਕਾਨੂੰਨੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਢੁੱਕਵੀਂ ਕਾਰਵਾਈ ਕੀਤੀ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਖਿਆ ਦੇ ਵਪਾਰੀਕਰਨ ਤਹਿਤ ਫ਼ੀਸਾਂ ਵਿਚ ਬੇਤਹਾਸ਼ਾ ਵਾਧਾ ਹਾਸ਼ੀਆਗ੍ਰਸਤ ਅਵਾਮ ਨੂੰ ਸਿਖਿਆ ਦੇ ਬੁਨਿਆਦੀ ਹੱਕ ਤੋਂ ਵਾਂਝੇ ਕਰਕੇ ਸਮਾਜੀ ਨਾਬਰਾਬਰੀ ਨੂੰ ਵਧਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਆਪਣੇ ਸਿਖਿਆ ਦੇ ਬੁਨਿਆਦੀ ਹੱਕ ਦੀ ਰਾਖੀ ਲਈ ਅੰਦੋਲਨ ਵਿਦਿਆਰਥੀਆਂ ਦਾ ਬੁਨਿਆਦੀ ਸੰਵਿਧਾਨਕ ਹੱਕ ਹੈ। ਉਨ੍ਹਾਂ ਕਿਹਾ ਕਿ ਨਵ-ਉਦਾਰਵਾਦੀ ਵਿਕਾਸ ਮਾਡਲ ਅਤੇ ਰਾਜ ਦਾ ਫਾਸ਼ੀਵਾਦੀ ਰੁਝਾਨ ਇਕੋ ਸਿੱਕੇ ਦੇ ਦੋ ਪਹਿਲੂ ਹਨ। ਸਭਨਾਂ ਜਮਹੂਰੀ ਤੇ ਇਨਸਾਫ਼ਪਸੰਦ ਤਾਕਤਾਂ ਨੂੰ ਰਾਜ ਦੇ ਵਧ ਰਹੇ ਫਾਸ਼ੀਵਾਦ ਨੂੰ ਗੰਭੀਰਤਾ ਨਾਲ ਲੈ ਕੇ ਇਸ ਵਿਰੁੱਧ ਆਵਾਜ਼ ਉਠਾਉਂਦੇ ਹੋਏ ਬਿਹਤਰ ਜ਼ਿੰਦਗੀ ਅਤੇ ਬੁਨਿਆਦੀ ਹੱਕਾਂ ਦੀ ਰਾਖੀ ਲਈ ਅੱਗੇ ਆਉਣਾ ਚਾਹੀਦਾ ਹੈ।


ਬੂਟਾ ਸਿੰਘ
ਸੂਬਾ ਪ੍ਰੈੱਸ ਸਕੱਤਰ, 
ਮਿਤੀ : 18 ਮਾਰਚ 2014


No comments:

Post a Comment