Tuesday, August 12, 2014

ਰੋਸ-ਮੁਜ਼ਾਹਰਿਆਂ ਨੂੰ ਦਬਾਉਣਾ ਤਾਨਾਸ਼ਾਹੀ ਦਾ ਇਜ਼ਹਾਰ

ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ (ਪੰਜਾਬ) ਦੇ ਸੂਬਾ ਪ੍ਰਧਾਨ ਪ੍ਰੋਫੈਸਰ ਅਜਮੇਰ ਸਿੰਘ ਔਲੱਖ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਬਠਿੰਡਾ ਪ੍ਰਸ਼ਾਸਨ ਵਲੋਂ 37 ਲੋਕ ਜਥੇਬੰਦੀਆਂ ਦੇ ਸਾਂਝੇ ਮੰਚ ਦੇ ਸੱਦੇ 'ਤੇ ਹਾਲ ਹੀ ਵਿਚ ਪਾਸ ਕੀਤੇ ਕਾਲੇ ਕਾਨੂੰਨ ਵਿਰੋੱਧ ਰੋਸ-ਮੁਜ਼ਾਹਰਾ ਕਰਨ ਜਾ ਰਹੇ ਲੋਕਾਂ ਨੂੰ ਪੂਰੇ ਬਠਿੰਡਾ ਜ਼ਿਲ੍ਹੇ ਵਿਚ ਪੁਲਿਸ ਨਾਕੇ ਲਾ ਕੇ ਰੋਕਣ, 250 ਤੋਂ ਉਪਰ ਮੁਜ਼ਾਹਰਾਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ 'ਚ ਬੰਦ ਕਰਨ ਅਤੇ ਔਰਤ ਮੁਜ਼ਾਹਰਾਕਰੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਮਰਦ ਪੁਲਿਸ ਲਗਾਉਣ ਦੀ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੇ ਅਣਐਲਾਨੇ ਤਾਨਾਸ਼ਾਹ ਕਦਮ ਕਰਾਰ ਦਿੱਤਾ ਹੈ। ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਈ.ਟੀ.ਟੀ. ਅਧਿਆਪਕਾਂ, ਤਲਵੰਡੀ ਸਾਬੋ 'ਚ ਪੀ.ਆਰ.ਟੀ.ਸੀ. ਮੁਲਾਜ਼ਮਾਂ ਤੇ ਹੋਰ ਜਥੇਬੰਦੀਆਂ ਦੇ ਰੋਸ-ਵਿਖਾਵਿਆਂ ਨੂੰ ਕੁਚਲਣ ਲਈ ਬਿਨਾ ਭੜਕਾਹਟ ਦੇ ਬੇਰਹਿਮੀ ਨਾਲ ਤਾਕਤ ਵਰਤਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਗਿਆ। ਲੋਕਾਂ ਦੇ ਸਰੋਕਾਰਾਂ ਨੂੰ ਟਿੱਚ ਸਮਝਣ ਵਾਲੀ ਸਰਕਾਰ ਕੋਲ ਆਪਣੀਆਂ ਮੰਗਾਂ ਤੇ ਮਸਲਿਆਂ ਦੀ ਸੁਣਵਾਈ ਨਾ ਹੋਣ ਦੀ ਸੂਰਤ 'ਚ ਫੋਕੇ ਭਾਸ਼ਨਾਂ ਅਤੇ ਲਾਰਿਆਂ ਦੀ ਨੀਤੀ ਨੂੰ ਨੰਗਾ ਕਰਨਾ ਅਤੇ ਲੋਕ ਦਬਾਅ ਲਾਮਬੰਦ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ। ਜੇ ਹਕੂਮਤ ਦਮਨਕਾਰੀ ਕਾਨੂੰਨ ਦੇ ਵਿਰੁੱਧ ਉੱਠ ਰਹੀ ਵਿਆਪਕ ਆਵਾਜ਼ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਤਾਂ ਹੁਕਮਰਾਨਾਂ ਲੋਕਤੰਤਰ ਦੇ ਦਾਅਵੇ ਕਰਨ ਦਾ ਕੀ ਇਖ਼ਲਾਕੀ ਹੱਕ ਹੈ। ਸਭਾ ਦੇ ਆਗੂਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੋਈ ਵੀ ਹਕੂਮਤ ਦਮਨਕਾਰੀ ਰਾਜ-ਮਸ਼ੀਨਰੀ ਅਤੇ ਕਾਲੇ ਕਾਨੂੰਨਾਂ ਦੇ ਜ਼ੋਰ ਅਵਾਮ ਦੀਆਂ ਚੰਗੀ ਜ਼ਿੰਦਗੀ ਦੀਆਂ ਰੀਝਾਂ ਨੂੰ ਦਬਾਉਣ 'ਚ ਕਦੇ ਕਾਮਯਾਬ ਨਹੀਂ ਹੋਈ। ਜਮਹੂਰੀਅਤਪਸੰਦ ਤਾਕਤਾਂ ਨੂੰ ਹੁਕਮਰਾਨਾਂ ਤੇ ਰਾਜ-ਮਸ਼ੀਨਰੀ ਦੇ ਇਸ ਫਾਸ਼ੀਵਾਦ ਰੁਝਾਨ ਦੇ ਖ਼ਿਲਾਫ਼ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਵਿਸ਼ਾਲ ਜਨਤਕ ਲਹਿਰ ਲਾਮਬੰਦ ਕਰਕੇ ਇਸ ਤਾਨਾਸ਼ਾਹ ਜ਼ਿਹਨੀਅਤ ਦਾ ਜਵਾਬ ਦੇਣਾ ਹੋਵੇਗਾ।


ਮਿਤੀ: 11 ਅਗਸਤ 2014