Wednesday, December 31, 2014

ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੇ ਸਵਾਲ ਬਾਰੇ ਜਮਹੂਰੀ ਅਧਿਕਾਰ ਸਭਾ ਦਾ ਨਜ਼ਰੀਆ

ਜਮਹੂਰੀ ਅਧਿਕਾਰ ਸਭਾ ਪੰਜਾਬ ਸਜ਼ਾ ਪੂਰੀ ਕਰ ਚੁੱਕੇ ਸਿਆਸੀ ਅਤੇ ਆਮ ਕੈਦੀਆਂ ਨੂੰ ਰਿਹਾਅ ਨਾ ਕੀਤੇ ਜਾਣ ਨੂੰ ਸੰਵਿਧਾਨਿਕ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਅਤੇ ਪੱਖਪਾਤੀ ਵਤੀਰਾ ਕਰਾਰ ਦਿੰਦੀ ਹੈ। ਸਭਾ ਸਮਝਦੀ ਹੈ ਕਿ ਕੈਦੀਆਂ ਦੀ ਰਿਹਾਈ ਦੀ ਪ੍ਰਕ੍ਰਿਆ ਅੰਗਰੇਜ਼ਾਂ ਦੇ ਜ਼ਮਾਨੇ ਵਾਲੀ ਹੈ ਜੋ ਉਹਨਾਂ ਨੇ ਆਪਣੇ ਬਸਤੀਵਾਦੀ ਰਾਜ ਦੇ ਹਿੱਤ ਵਿੱਚ ਸਾਡੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੂੰ ਜੇਲਾਂ ਵਿੱਚ ਸ਼ਾੜਨ ਅਤੇ ਆਜ਼ਾਦੀ ਦੀ ਜਦੋਜਹਿਦ ਨੂੰ ਦਬਾਉਣ ਲਈ ਬਣਾਈ ਸੀ। ਇਸ ਪ੍ਰਕ੍ਰਿਆ ਅਨੁਸਾਰ ਸਜ਼ਾ ਪੂਰੀ ਕਰ ਚੁੱਕੇ ਕੈਦੀ ਨੂੰ ਆਪਣੀ ਰਿਹਾਈ ਲਈ ਪ੍ਰਸਾਸ਼ਨ ਤੋਂ ਕਲੀਨ ਚਿੱਟ ਲੈਣੀ ਪੈਂਦੀ ਹੈ। ਮੁਲਕ ਦੇ ਹੁਕਮਰਾਨ ਤਬਦੀਲੀਪਸੰਦ ਵਿਚਾਰਾਂ ਨੂੰ ਸਭ ਤੋਂ ਖਤਰਨਾਕ ਸਮਝਦੇ ਹਨ। ਉਹਨਾਂ ਦਾ ਰਾਜਤੰਤਰ ਵਿਰੋਧੀ ਵਿਚਾਰਾਂ/ਸਰਗਰਮੀਆਂ ਵਾਲੇ ਵਿਅਕਤੀ ਨੂੰ ਕਦੇ ਵੀ ਕਲੀਨ ਚਿੱਟ ਨਹੀਂ ਦੇਵੇਗਾ। 21 ਵੀਂ ਸਦੀ 'ਚ ਜਮਹੂਰੀਅਤ ਦੇ ਯੁੱਗ ਵਿੱਚ ਬਸਤੀਵਾਦੀਆਂ ਦੇ ਬਣਾਏ ਅਜਿਹੇ ਕਾਇਦੇ-ਕਾਨੂੰਨਾਂ ਨੂੰ ਜਾਰੀ ਰੱਖਣਾ ਸਮਾਜ ਦੀ ਤਰੱਕੀ ਦਾ ਰਾਹ ਰੋਕਣਾ ਹੈ। ਵਿਹਾਰਕ ਨਜ਼ਰੀਏ ਤੋਂ ਇਹ ਲੰਬੀ ਚੌੜੀ ਪ੍ਰਕ੍ਰਿਆ ਆਰਥਿਕ ਅਤੇ ਸਮਾਜਿਕ ਪੱਖ ਤੋਂ ਵਾਂਝੇ ਆਮ ਨਾਗਰਿਕਾਂ ਅਤੇ ਦੱਬੇ-ਕੁੱਚਲੇ ਲੋਕਾਂ ਦੇ ਵੱਸੋਂ ਬਾਹਰ ਹੈ। ਇਹ ਕਾਨੂੰਨ ਸਿਰਫ਼ ਸਥਾਪਤੀ ਪੱਖੀ, ਸਮਾਜਿਕ ਅਤੇ ਸਿਆਸੀ ਅਸਰ-ਰਸੂਖ ਵਾਲੇ ਅਤੇ ਸਾਧਨਾਂ-ਸੰਪਨ ਕੁਲੀਨ ਹਿੱਸੇ ਲਈ ਵਿਸ਼ੇਸ਼ ਸਹੂਲਤ ਬਣਿਆ ਹੋਇਆ ਹੈ। ਇਸ ਸਮੇਂ ਇਕ ਅੰਦਾਜ਼ੇ ਅਨੁਸਾਰ ਪੰਜਾਬ ਦੇ ਕੋਈ 280 ਕੈਦੀਆਂ ਸਮੇਤ ਦੇਸ਼ ਭਰ ਵਿੱਚ ਹਜ਼ਾਰਾਂ ਕੈਦੀ ਆਪਣੀ ਸਜ਼ਾ ਪੁਰੀ ਕਰਨ ਦੇ ਬਾਵਜੂਦ ਜੇਲਾਂ ਵਿੱਚ ਰੁਲ ਰਹੇ ਹਨ। ਇਹਨਾਂ ਵਿੱਚ ਸਥਾਪਤੀ ਵਿਰੋਧੀ ਲਹਿਰਾਂ ਦੇ ਕਾਰਕੁੰਨ, ਮੁਸਲਮਾਨ, ਸਿੱਖਾਂ ਅਤੇ ਇਸਾਈ ਧਾਰਮਿਕ ਘੱਟ-ਗਿਣਤੀਆਂ ਦੇ ਸਮੇਤ ਵੱਡੀ ਗਿਣਤੀ ਆਰਥਿਕ ਪੱਖੋਂ ਗਰੀਬ, ਦਲਿਤ, ਆਦਿਵਾਸੀ ਅਤੇ ਵਿਦੇਸ਼ੀ ਆਮ ਤੇ ਸਿਆਸੀ ਕੈਦੀ ਸ਼ਾਮਲ ਹਨ। ਇਸ ਪ੍ਰਬੰਧ ਵਿਚ ਸਭਨਾਂ ਲਈ ਇਕਸਾਰ ਨਿਯਮ ਲਾਗੂ ਨਹੀਂ ਹਨ। ਆਰਥਿਕ ਅਤੇ ਰਾਜਨੀਤਕ ਪੱਖੋਂ ਪਹੁੰਚ ਵਾਲੇ ਲੋਕ, ਜਿਹੜੇ ਪਹਿਲਾਂ ਹੀ ਆਪਣੇ ਸਿਆਸੀ ਅਸਰ ਰਸੂਖ ਦੇ ਜ਼ੋਰ ਮੁਕੱਦਮੇ ਦਰਜ਼ ਹੋਣ ਅਤੇ ਸਜ਼ਾਵਾਂ ਤੋਂ ਅਕਸਰ ਹੀ ਬਚ ਨਿਕਲਦੇ ਹਨ, ਕਦੇ ਵੀ ਪੂਰੀਆਂ ਸਜ਼ਾਵਾਂ ਜੇਲਾਂ ਵਿੱਚ ਨਹੀਂ ਕੱਟਦੇ, ਸਗੋਂ ਅਕਸਰ ਹੀ ਉਹ ਆਪਣੀਆਂ ਸਜ਼ਾਵਾਂ ਨੂੰ ਮੁਆਫ ਵੀ ਕਰਵਾ ਲੈਂਦੇ ਹਨ। ਦਿੱਲੀ ਦੰਗਿਆਂ ਦੇ ਕੁਝ ਦੋਸ਼ੀਆਂ ਦੀ ਸਜ਼ਾ, ਜੋ ਹਾਈਕੋਰਟ ਨੇ ਘਟਾ ਕੇ ਉਮਰ ਕੈਦ ਕਰ ਦਿੱਤੀ ਸੀ, ਨੂੰ ਦਿੱਲੀ ਸਰਕਾਰ ਨੇ ਬਿਲਕੁਲ ਹੀ ਮੁਆਫ਼ ਕਰ ਦਿੱਤਾ ਸੀ। ਗੁਜਰਾਤ ਵਿਚ ਮੁਸਲਮਾਨਾਂ ਦੇ ਘਾਣ ਦੀ ਦੋਸ਼ੀ ਉਥੋਂ ਦੀ ਸਾਬਕਾ ਸਿਹਤ ਮੰਤਰੀ ਮਾਇਆ ਕੋਡਨਾਨੀ ਤਾਂ ਜੇਲ ਵਿੱਚੋ ਪੈਰੋਲ ਦੀ ਸਹੂਲਤ ਲੈ ਲੈਂਦੀ ਹੈ। ਪਰ ਆਦਿਵਾਸੀ ਅਧਿਆਪਕਾ ਸੋਨੀ ਸੋਰੀ ਨੂੰ ਆਪਣੇ ਪਤੀ ਦੇ ਅੰਤਮ ਸੰਸਕਾਰ 'ਚ ਸ਼ਾਮਲ ਹੋਣ ਦੀ ਇਕ ਦਿਨ ਦੀ ਛੁੱਟੀ ਨਹੀਂ ਦਿੱਤੀ ਗਈ।
ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਜੇਲਾਂ ਵਿੱਚ ਬੰਦ 3.85 ਲੱਖ ਕੈਦੀਆਂ ਵਿੱਚੋਂ 2.54 ਲੱਖ ਹਵਾਲਾਤੀ ਹਨ ਜਿਹੜੇ ਕੁੱਲ ਕੈਦੀਆਂ ਦਾ 65 ਫੀਸਦੀ ਬਣਦੇ ਹਨ। ਹਵਾਲਾਤੀਆਂ ਚੋਂ 1.58 ਲੱਖ ਹਵਾਲਾਤੀ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ ਵਿੱਚ ਹਨ। ਪੰਜ ਸਾਲ ਤੋਂ ਵੱਧ ਸੁਣਵਾਈ ਅਧੀਨ ਲਟਕ ਰਹੇ ਹਵਾਲਾਤੀਆਂ ਦੀ ਗਿਣਤੀ (317) ਨਾਲ ਪੰਜਾਬ ਦੇਸ਼ ਭਰ ਵਿੱਚ ਚੋਂ ਦੂਜੇ ਨੰਬਰ (ਪਹਿਲਾ ਸਥਾਨ ਯੂ.ਪੀ 324 ਹਵਾਲਾਤੀ) 'ਤੇ ਹੈ। ਬਹੁਤੇ ਹਵਾਲਾਤੀਆਂ ਦੇ ਮੁਕੱਦਮਿਆਂ ਦੀ ਸੁਣਵਾਈ ਹੀ ਸ਼ੁਰੂ ਨਹੀਂ ਹੁੰਦੀ ਅਤੇ ਅਨੇਕਾਂ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਕਿ ਮਾਮੂਲੀ ਗੁਨਾਹਾਂ ਦੇ ਹਵਾਲਾਤੀ ਆਪਣੇ ਇਲਜ਼ਾਮ ਦੀ ਬਣਦੀ ਸਜ਼ਾ ਤੋਂ ਵੱਧ ਸਮਾਂ ਪਹਿਲਾਂ ਹੀ ਜੇਲ ਵਿੱਚ ਗੁਜ਼ਾਰ ਚੁੱਕੇ ਹਨ। ਹਵਾਲਾਤੀਆਂ ਵਿੱਚੋਂ ਬਹੁਤੇ ਗਰੀਬ, ਅਣਪੜ, ਦਲਿਤ ਅਤੇ ਆਦਿਵਾਸੀ  ਲੋਕ ਹਨ ਜਿਹੜੇ ਸਾਧਨਾਂ ਅਤੇ ਵਸੀਲਿਆਂ ਦੀ ਘਾਟ ਕਰਕੇ ਜ਼ਮਾਨਤ ਵੀ ਨਹੀਂ ਕਰਵਾ ਸਕਦੇ। ਦੱਬੇ-ਕੁਚਲੇ ਅਤੇ ਸਾਧਨਾਂ ਤੋਂ ਵਾਂਝੇ ਹਿੱਸਿਆਂ ਦੇ ਬੇਸ਼ੁਮਾਰ ਕੈਦੀ ਛੋਟੇ ਛੋਟੇ ਇਲਜਾਮਾਂ ਹੇਠ ਜੇਲਾਂ ਵਿੱਚ ਸੜ੍ਹ ਰਹੇ ਹਨ। ਇੱਕ ਉਭਰਵੀ ਉਦਾਹਰਣ ਕੇਂਦਰੀ ਆਸਾਮ ਦੇ ਆਦਿਵਾਸੀ ਮਚਾਂਗ ਲਾਲੁੰਗ ਦੀ ਹੈ ਜਿਸਨੂੰ 23 ਸਾਲ ਦੀ ਉਮਰ ਵਿੱਚ ਆਈ.ਪੀ.ਸੀ. ਦੀ ਧਾਰਾ 326 ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 2005 ਵਿੱਚ ਉਸਨੂੰ 54 ਸਾਲਾਂ ਪਿਛੋਂ ਰਿਹਾਅ ਕੀਤਾ ਗਿਆ। ਇਸ ਤਰਾਂ ਲੋਕਾਂ ਦਾ ਜੇਲਾਂ ਵਿੱਚ ਰੁਲਣਾ ਸੰਵਿਧਾਨ ਦੀ ਧਾਰਾ 21 ਦੀ ਖੁੱਲ੍ਹੇਆਮ ਉਲੰਘਣਾ ਹੈ। ਸਭਾ ਮੰਗ ਕਰਦੀ ਹੈ ਕਿ 'ਬਸਤੀਵਾਦੀ ਸਮੇਂ ਤੋਂ ਚਲੀ ਆ ਰਹੀ ਰਿਹਾਈ ਪ੍ਰਕ੍ਰਿਆ ਨੂੰ ਖਤਮ ਕੀਤਾ ਜਾਵੇ ਅਤੇ ਇਸ ਨੂੰ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਪਾਰਦਰਸ਼ੀ ਅਤੇ ਸਰਲ ਬਣਾਇਆ ਜਾਵੇ ਅਤੇ ਸਜ਼ਾ ਪੂਰੀ ਕਰ ਚੱਕੇ ਕੈਦੀਆਂ ਦੀ ਰਿਹਾਈ ਬਿਨਾਂ ਕਿਸੇ ਵਿਤਕਰੇ ਦੇ ਤੁਰੰਤ ਯਕੀਨੀ ਬਣਾਈ ਜਾਵੇ। ਇਸ ਵਿੱਚ ਹੀ ਸਰਬੱਤ ਦਾ ਭਲਾ ਹੈ। ਬਿਨਾਂ ਸੁਣਵਾਈ ਜਾਂ ਲੰਮੇ ਸਮੇ ਤੋਂ ਸੁਣਵਾਈ ਅਧੀਨ ਚੱਲ ਰਹੇ ਮੁਕੱਦਮਿਆਂ ਦੇ ਵੇਰਵੇ ਲੋਕਾਂ ਸਾਹਮਣੇ ਲਿਆਕੇ, ਗ੍ਰਿਫ਼ਤਾਰ ਲੋਕਾਂ ਨੂੰ ਰਿਹਾਅ ਕੀਤਾ ਜਾਵੇ'। ਸਭਾ ਆਪਣੇ ਮੈਂਬਰਾਂ ਸਮੇਤ ਸੱਭ ਜਮਹੂਰੀ ਪਸੰਦ ਤਾਕਤਾਂ, ਬੁੱਧੀਜੀਵੀਆਂ ਅਤੇ ਸੰਘਰਸ਼ੀਲ ਲੋਕਾਂ ਨੂੰ ਇਸ ਬਾਰੇ ਲੋਕ-ਰਾਏ ਲਾਮਬੰਦ ਕਰਨ ਦੀ ਮੁਹਿੰਮ ਚਲਾਉਣ ਦੀ ਅਪੀਲ ਕਰਦੀ ਹੈ।