ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ ਅਤੇ ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਫਿਲਮ ਐਂਡ ਟੈਲੀਵਿਜ਼ਨ ਇੰਸਟੀਚਿਊਟ ਆਫ ਇੰਡੀਆ ਪੁਣੇ ਦੇ 5 ਅੰਦੋਲਨਕਾਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਤੋਂ ਇਲਾਵਾ 12 ਹੋਰ ਵਿਦਿਆਰਥੀਆਂ ਤੇ ਵਿਦਿਆਰਥਣਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਇਹ ਵਿਦਿਆਰਥੀ ਪਿਛਲੇ 72 ਦਿਨਾਂ ਤੋਂ ਲਗਾਤਾਰ ਹੜਤਾਲ 'ਤੇ ਹਨ ਅਤੇ ਭਾਜਪਾ ਨਾਲ ਸਬੰਧਤ ਟੀ.ਵੀ. ਐਕਟਰ ਗਜੇਂਦਰ ਚੌਹਾਨ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਵਜੋਂ ਅਤੇ ਚਾਰ ਹੋਰ ਆਰ.ਐੱਸ.ਐੱਸ. ਪੱਖੀਆਂ ਦੀ ਕੌਂਸਲ ਵਿਚ ਨਿਯੁਕਤੀ ਦਾ ਇਸ ਵਾਜਬ ਅਧਾਰ 'ਤੇ ਵਿਰੋਧ ਕਰ ਰਹੇ ਹਨ ਕਿ ਨਿਯੁਕਤ ਕੀਤੇ ਵਿਅਕਤੀਆਂ ਵਿਚ ਦੇਸ਼ ਦੇ ਇਸ ਪ੍ਰਮੁੱਖ ਫਿਲਮ ਸਕੂਲ ਨੂੰ ਮਾਰਗਦਰਸ਼ਨ ਦੇਣ ਲਈ ਲੋੜੀਂਦੀ ਯੋਗਤਾ ਅਤੇ ਕੋਈ ਤਜ਼ਰਬਾ ਨਹੀਂ ਹੈ। ਵਿਦਿਆਰਥੀਆਂ ਦਾ ਇਹ ਖ਼ਦਸ਼ਾ ਪੂਰੀ ਤਰ੍ਹਾਂ ਸਹੀ ਹੈ ਕਿ ਮੋਦੀ ਹਕੂਮਤ ਵਲੋਂ ਯੋਗਤਾ ਦੀ ਬਜਾਏ ਆਰ.ਐੱਸ.ਐੱਸ. ਪ੍ਰਤੀ ਵਫ਼ਾਦਾਰੀ ਨੂੰ ਅਧਾਰ ਬਣਾਕੇ ਮੁਲਕ ਦੀਆਂ ਅਹਿਮ ਸੰਸਥਾਵਾਂ ਦਾ ਭਗਵਾਂਕਰਨ ਕੀਤਾ ਜਾ ਰਿਹਾ ਹੈ। ਹਕੂਮਤ ਵਿਦਿਆਰਥੀਆਂ ਦੇ ਰੋਸ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਥਾਂ ਫਾਸ਼ੀਵਾਦੀ ਢੰਗਾਂ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾ ਰਹੀ ਹੈ। ਗਜੇਂਦਰ ਚੌਹਾਨ ਦੀ ਨਿਯੁਕਤੀ ਨਾ ਸਿਰਫ਼ ਸੌੜੇ ਫਿਰਕੂ ਹਿੱਤਾਂ ਤੋਂ ਪ੍ਰੇਰਤ ਹੈ ਸਗੋਂ ਇਸ ਨਾਮਵਰ ਕਲਾ ਸੰਸਥਾ ਨੂੰ ਅਯੋਗ ਵਿਅਕਤੀ ਦੇ ਹਵਾਲੇ ਕਰਕੇ ਇਥੇ ਇਸ ਅਹਿਮ ਖੇਤਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨਾਲ ਕੁਹਜਾ ਮਜ਼ਾਕ ਵੀ ਹੈ। ਸਭਾ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਵਿਦਿਆਰਥੀਆਂ ਨੂੰ ਤੁਰੰਤ ਬਿਨਾਸ਼ਰਤ ਰਿਹਾਅ ਕੀਤਾ ਜਾਵੇ, ਉਨ੍ਹਾਂ ਖ਼ਿਲਾਫ਼ ਦਰਜ ਪਰਚੇ ਰੱਦ ਕੀਤੇ ਜਾਣ ਅਤੇ ਇਸ ਅਤੇ ਹੋਰ ਸੰਸਥਾਵਾਂ ਦਾ ਭਗਵਾਂਕਰਨ ਬੰਦ ਕਰਕੇ ਅਜਿਹੀਆਂ ਨਿਯੁਕਤੀਆਂ ਯੋਗਤਾ ਦੇ ਅਧਾਰ 'ਤੇ ਕੀਤੀਆਂ ਜਾਣ।
ਮਿਤੀ : 19 ਅਗਸਤ
No comments:
Post a Comment