Saturday, August 22, 2015

ਜਮਹੂਰੀ ਅਧਿਕਾਰ ਸਭਾ ਵਲੋਂ ਮਨੁੱਖੀ ਅਧਿਕਾਰ ਕਾਰਕੁਨ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਨਿਖੇਧੀ


ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ ਅਤੇ ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਉੜੀਸਾ ਦੇ ਮਲਕਾਨਗਿਰੀ ਜ਼ਿਲ੍ਹੇ ਦੀ ਪੁਲਿਸ ਵਲੋਂ ਲੇਖਕ, ਫਿਲਮਸਾਜ਼ ਅਤੇ ਮਨੁੱਖੀ ਹੱਕਾਂ ਦੀ ਜਥੇਬੰਦੀ ਗਣਤੰਤਰਿਕ ਅਧਿਕਾਰ ਸੁਰੱਕਸ਼ਾ ਸੰਮਤੀ (ਉੜੀਸਾ) ਦੇ ਆਗੂ ਦੇਬਾ ਰੰਜਨ ਨੂੰ ਝੂਠੇ ਕੇਸ 'ਚ ਫਸਾਉਣ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸ਼੍ਰੀ ਰੰਜਨ ਦੇਸ਼ ਦੇ ਹੋਰ ਵੱਖ-ਵੱਖ ਹਿੱਸਿਆਂ ਵਿਚ ਵਿਕਾਸ ਦੇ ਨਾਂ ਹੇਠ ਤਬਾਹੀ ਮਚਾ ਰਹੇ ਆਰਥਕ ਮਾਡਲ, ਬੇਲਗਾਮ ਖਨਣ, ਉਜਾੜੇ, ਪੁਲਿਸ ਵਲੋਂ ਦਲਿਤਾਂ, ਔਰਤਾਂ ਅਤੇ ਆਦਿਵਾਸੀਆਂ ਉਪਰ ਢਾਹੇ ਜਾਂਦੇ ਜ਼ੁਲਮਾਂ, ਹਿੰਦੂਤਵੀ ਹਮਲਿਆਂ ਅਤੇ ਤਿੱਖੇ ਜ਼ਰੱਈ ਸੰਕਟ ਕਾਰਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੇ ਮੁੱਦੇ ਉਪਰ ਲਗਾਤਾਰ ਆਵਾਜ਼ ਉਠਾ ਰਹੇ ਹਨ ਅਤੇ ਇਨ੍ਹਾਂ ਨੀਤੀਆਂ ਦਾ ਅਸਲ ਚਿਹਰਾ ਸਾਹਮਣੇ ਲਿਆ ਰਹੇ ਹਨ। ਹੁਣੇ ਜਹੇ ਉਹ ਕੋਰਾਪਟ ਜ਼ਿਲ੍ਹੇ ਦੇ ਇਕ ਆਦਿਵਾਸੀ ਕਿਸਾਨ ਨੂੰ ਗੋਲੀ ਮਾਰਕੇ ਬੇਰਹਿਮੀ ਨਾਲ ਮਾਰ ਦੇਣ ਲਈ ਬੀ.ਐੱਸ.ਐੱਫ. ਨੂੰ ਕਟਹਿਰੇ ਵਿਚ ਖੜ੍ਹਾਉਣ ਵਿਚ ਕਾਮਯਾਬ ਹੋਏ। ਉਨ੍ਹਾਂ ਨੇ ਕੇ.ਬਾਲਾਗੋਪਾਲ ਵਰਗੇ ਚੋਟੀ ਦੇ ਮਨੁੱਖੀ ਅਧਿਕਾਰ ਕਾਰਕੁੰਨਾਂ ਨਾਲ ਮਿਲਕੇ ਕੰਧਮਲ ਅਤੇ ਕਰਨਾਟਕਾ ਦੇ ਈਸਾਈਆਂ ਉਪਰ ਹਮਲਿਆਂ ਅਤੇ ਦੱਖਣੀ ਛੱਤੀਸਗੜ੍ਹ ਵਿਚ ਨੀਮ-ਫ਼ੌਜੀ ਤਾਕਤਾਂ ਵਲੋਂ ਆਮ ਲੋਕਾਂ ਦੇ ਕਤਲੇਆਮ ਬਾਰੇ ਤੱਥ ਖੋਜ ਮੁਹਿੰਮਾਂ ਵਿਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਮੁੱਦਿਆਂ ਨੂੰ ਬੇਥਾਹ ਸੰਵੇਦਨਸ਼ੀਲਤਾ ਨਾਲ ਪੇਸ਼ ਕਰਦੀਆਂ ਉਨ੍ਹਾਂ ਦੀਆਂ ਫਿਲਮਾਂ ਵੱਖੋ-ਵੱਖਰੇ ਸੂਬਿਆਂ ਅਤੇ ਕੌਮਾਂਤਰੀ ਮੰਚਾਂ ਉਪਰ ਦਿਖਾਈਆਂ ਜਾ ਚੁੱਕੀਆਂ ਹਨ। ਸਭਾ ਦੇ ਆਗੂਆਂ ਨੇ ਮੰਗ ਕੀਤੀ ਕਿ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਹਕੂਮਤ ਅਜਿਹੇ ਘਟੀਆ ਹੱਥਕੰਡੇ ਵਰਤਣੇ ਬੰਦ ਕਰੇ ਅਤੇ ਪੁਲਿਸ ਸ਼੍ਰੀ ਦੇਬਾ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੇ
ਮਿਤੀ : 21 ਅਗਸਤ 2015

No comments:

Post a Comment