Monday, August 3, 2015

ਜਮਹੂਰੀ ਅਧਿਕਾਰ ਸਭਾ ਵਲੋਂ ਸੰਗਰੂਰ ਵਿਚ ਬੇਰੋਜ਼ਗਾਰ ਲਾਈਨਮੈਨਾਂ ਉਪਰ ਜਬਰ ਦੀ ਪੁਰਜ਼ੋਰ ਨਿਖੇਧੀ

ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ ਅਤੇ ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਸੰਗਰੂਰ ਵਿਚ ਬੇਰੋਜ਼ਗਾਰ ਲਾਈਨਮੈਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਰਹਿਮੀ ਨਾਲ ਲਾਠੀਆਂ ਨਾਲ ਕੁੱਟਣ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ. ਸੂਰਤ ਸਿੰਘ ਖ਼ਾਲਸਾ ਦੀ ਭੁੱਖ-ਹੜਤਾਲ ਨੂੰ ਕੁਚਲਣ ਲਈ ਪਿਛਲੇ ਦਿਨੀਂ ਪਿੰਡ ਹਸਨਪੁਰ ਨੂੰ ਘੇਰਾ ਪਾ ਕੇ ਅੰਦੋਲਨਕਾਰੀਆਂ ਅਤੇ ਪੱਤਰਕਾਰਾਂ ਨੂੰ ਬੇਤਹਾਸ਼ਾ ਜਬਰ ਦਾ ਨਿਸ਼ਾਨਾ ਬਣਾਉਣ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦਾ ਤਾਨਾਸ਼ਾਹ ਜਾਬਰ ਰਵੱਈਆ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਵਲੋਂ ਅਪਣਾਏ ਆਰਥਕ ਮਾਡਲ ਕਾਰਨ ਪੰਜਾਬ ਦੀ ਪੂਰੀ ਆਰਥਿਕਤਾ, ਖ਼ਾਸ ਕਰਕੇ ਕਿਸਾਨੀ ਡੂੰਘੇ ਸੰਕਟ 'ਚ ਹੋਣ ਕਾਰਨ ਮਹਿਜ਼ ਢਾਹੀ ਮਹੀਨਿਆਂ 'ਚ ਹੀਦੋ ਦਰਜਨ ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਬੇਰੋਜ਼ਗਾਰੀ ਦੀ ਸਤਾਈ ਜਵਾਨੀ ਸੜਕਾਂ 'ਤੇ ਆ ਕੇ ਰੋਜ਼ਗਾਰ ਦੀ ਮੰਗ ਕਰ ਰਹੀ ਹੈ। ਜੇਲ੍ਹਾਂ ਦੀ ਅਣਮਨੁੱਖੀ ਹਾਲਤ ਕਾਰਨ ਹੋ ਰਹੀਆਂ ਮੌਤਾਂ ਦੀ ਸਰਕਾਰ ਨੂੰ ਕੋਈ ਪ੍ਰਵਾਹ ਹੀ ਨਹੀਂ। ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਡੱਕੇ ਸਮੁੱਚੇ ਕੈਦੀਆਂ ਦੀ ਰਿਹਾਈ ਦਾ ਮਸਲਾ ਹੱਲ ਕਰਨ ਦੀ ਬਜਾਏ ਸਪਸ਼ਟੀਕਰਨਾਂ ਅਤੇ ਜਬਰ ਦੀ ਘਿਣਾਉਣੀ ਚਾਲ ਖੇਡੀ ਜਾ ਰਹੀ ਹੈ। ਜਿਸ ਦੀ ਮਿਸਾਲ ਪਿਛਲੇ ਦਿਨੀਂ ਪਿੰਡ ਹਸਨਪੁਰ 'ਚ ਢਾਹਿਆ ਜਬਰ ਹੈ। ਸੱਤਾਧਾਰੀਆਂ ਦੀ ਸੰਵੇਦਨਹੀਣਤਾ ਕਾਰਨ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਇਨ੍ਹਾਂ ਹਾਲਾਤ ਚ ਆਪਣੇ ਹਿੱਤਾਂ ਤੇ ਮਸਲਿਆਂ ਬਾਰੇ ਆਵਾਜ਼ ਉਠਾਉਣਾ ਅਤੇ ਜਥੇਬੰਦ ਹੋਣਾ ਨਾਗਰਿਕਾਂ ਦਾ ਜਮਹੂਰੀ ਹੱਕ ਹੈ। ਜ਼ਿੰਮੇਵਾਰ ਪਹੁੰਚ ਤਾਂ ਇਹ ਬਣਦੀ ਹੈ ਕਿ ਪੰਜਾਬ ਸਰਕਾਰ ਅੰਦੋਲਨਕਾਰੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦਾ ਜਮਹੂਰੀ ਰਸਤਾ ਅਖ਼ਤਿਆਰ ਕਰੇ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਉਠਾਏ ਜਾ ਰਹੇ ਮੰਗਾਂ ਤੇ ਮਸਲਿਆਂ ਨੂੰ ਤੁਰੰਤ ਮੁਖ਼ਾਤਿਬ ਹੋ ਕੇ ਉਨ੍ਹਾਂ ਦਾ ਵਾਜਬ ਹੱਲ ਪੇਸ਼ ਕਰੇ। ਮਸਲਿਆਂ ਨੂੰ ਹੱਲ ਕਰਨ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਪ੍ਰਤੀ ਜਵਾਬਦੇਹ ਹੋਣ ਦਾ ਸਹੀ ਰਾਹ ਅਖ਼ਤਿਆਰ ਕਰਨ ਦੀ ਥਾਂ ਸਰਕਾਰ ਜਬਰ ਦਾ ਸਹਾਰਾ ਲੈ ਰਹੀ ਹੈ ਅਤੇ ਲੋਕਾਂ ਦੇ ਜਮਹੂਰੀ ਹੱਕ ਨੂੰ ਬੇਤਹਾਸ਼ਾ ਤਾਕਤ ਨਾਲ ਕੁਚਲ ਰਹੀ ਹੈ। ਇਹ ਦਮਨਕਾਰੀ ਮੁਹਿੰਮ ਹਕੂਮਤ ਦੀ ਤਾਨਾਸ਼ਾਹ ਪਹੁੰਚ ਦਾ ਨਤੀਜਾ ਹੈ। ਸਭਾ ਸਮਝਦੀ ਹੈ ਕਿ ਅਜਿਹੀ ਗ਼ੈਰਜਮਹੂਰੀ ਪ੍ਰਵਿਰਤੀ ਲੋਕਾਂ ਦੇ ਜਮਹੂਰੀ ਹੱਕਾਂ 'ਤੇ ਘੋਰ ਹਮਲਾ ਹੈ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਹੈ। ਇਹ ਦਮਨਕਾਰੀ ਅਤੇ ਦਹਿਸ਼ਤਪਾਊ ਪਹੁੰਚ ਕਦੇ ਵੀ ਸਮਾਜੀ ਬੇਚੈਨੀ ਨੂੰ ਦੂਰ ਕਰਨ 'ਚ ਸਹਾਇਤਾ ਨਹੀਂ ਕਰ ਸਕਦੀ ਸਗੋਂ ਹਾਲਤ ਨੂੰ ਹੋਰ ਵਿਗਾੜਨ ਦਾ ਸਾਧਨ ਹੀ ਬਣੇਗੀ ਅਤੇ ਸ਼ਾਂਤਮਈ ਸੰਘਰਸ਼ ਕਰ ਰਹੇ ਲੋਕਾਂ ਦੇ ਰੋਸ 'ਚ ਵਾਧਾ ਹੀ ਕਰੇਗੀ।
ਸਭਾ ਦੇ ਆਗੂਆਂ ਨੇ ਆਮ ਲੋਕਾਂ ਅਤੇ ਲੋਕਪੱਖੀ ਤਾਕਤਾਂ ਨੂੰ ਇਸ ਤਰਾ੍ਹਂ ਦੇ ਖ਼ਤਰਨਾਕ ਸੰਕੇਤਾਂ ਅਤੇ ਵਧ ਰਹੇ ਜਬਰ ਦਾ ਟਾਕਰਾ ਕਰਨ ਲਈ ਆਪਣੀ ਜਥੇਬੰਦ ਤਾਕਤ ਨੂੰ ਮਜ਼ਬੂਤ ਕਰਨ, ਜਮਹੂਰੀ ਹੱਕਾਂ ਦੀ ਰਾਖੀ ਲਈ ਅੱਗੇ ਆਉਣ ਅਤੇ ਇਕੱਲੇ ਸਿੱਖ ਬੰਦੀਆਂ ਦੀ ਹੀ ਨਹੀਂ ਸਗੋਂ ਸਜ਼ਾ ਪੂਰੀ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਲਈ ਆਵਾਜ਼ ਉਠਾਉਣ ਦਾ ਸੱਦਾ ਦਿੱਤਾ ਹੈ।

ਮਿਤੀ: 3 ਅਗਸਤ 2015

No comments:

Post a Comment