ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ (ਪੰਜਾਬ) ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ ਅਤੇ ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਨੇ ਦਿੱਲੀ ਵਿਚ ਏ.ਆਈ.ਐੱਸ.ਐੱਫ. ਅਤੇ ਏ.ਆਈ.ਵਾਈ.ਐੱਫ. ਦੀ ਅਗਵਾਈ ਹੇਠ ਰੋਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਪਾਰਲੀਮੈਂਟ ਵੱਲ ਮਾਰਚ ਕਰਦੇ ਵਿਦਿਆਰਥੀਆਂ ਉੱਪਰ ਵਹਿਸ਼ੀ ਢੰਗ ਨਾਲ ਲਾਠੀਚਾਰਜ ਕਰਕੇ ਦਰਜਨਾਂ ਵਿਦਿਆਰਥੀਆਂ ਨੂੰ ਗੰਭੀਰ ਫੱਟੜ ਕਰ ਦੇਣ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਾਰ ਦਿੱਤਾ ਹੈ। ਸਭਾ ਦੇ ਆਗੂਆਂ ਨੇ ਕਿਹਾ ਕਿ ਆਪਣੇ ਹਿੱਤਾਂ ਦੀ ਰਾਖੀ ਲਈ ਜਥੇਬੰਦ ਹੋਣਾ, ਵਿਕਾਸ ਤੇ ਤਰੱਕੀ ਦੇ ਦਾਅਵੇਦਾਰ ਹਾਕਮਾਂ ਤੋਂ ਵਾਅਦਿਆਂ ਦੀ ਜਵਾਬਦੇਹੀ ਦੀ ਮੰਗ ਕਰਨਾ ਅਤੇ ਰੋਜ਼ਗਾਰ, ਸਮਾਜਿਕ ਸੁਰੱਖਿਆ ਸਮੇਤ ਜ਼ਿੰਦਗੀ ਦੀ ਬਿਹਤਰੀ ਦੇ ਤਮਾਮ ਸਰੋਕਾਰਾਂ ਨੂੰ ਲੈ ਕੇ ਜਥੇਬੰਦ ਹੋਣਾ ਤੇ ਸੰਘਰਸ਼ ਕਰਨਾ ਨਾਗਰਿਕਾਂ ਦਾ ਸੰਵਿਧਾਨਕ ਹੱਕ ਹੈ ਜੋ ਕਿ ਜਮਹੂਰੀਅਤ ਦਾ ਬੁਨਿਆਦੀ ਮਾਪਦੰਡ ਹੈ। ਨਿੱਤਰੋਜ਼ ਸਰਕਾਰੀ ਜਬਰ ਦੀਆਂ ਘਟਨਾਵਾਂ ਦਿਖਾਉਂਦੀਆਂ ਹਨ ਕਿ ਹੁਕਮਰਾਨ ਅਵਾਮ ਦੀ ਜਥੇਬੰਦ ਹੱਕ-ਜਤਾਈ ਨੂੰ ਪੁਲਿਸ ਤਾਕਤ ਨਾਲ ਕੁਚਲਣ ਉੱਪਰ ਤੁਲੇ ਹੋਏ ਹਨ ਜੋ ਉਨ੍ਹਾਂ ਦੀ ਤਾਨਾਸ਼ਾਹ ਜ਼ਿਹਨੀਅਤ ਦਾ ਇਜ਼ਹਾਰ ਹੈ। ਸੱਤਾਧਾਰੀ ਨਾਗਰਿਕਾਂ ਪ੍ਰਤੀ ਸੰਵਿਧਾਨਕ ਜਵਾਬਦੇਹੀ ਤੋਂ ਇਨਕਾਰੀ ਹਨ ਅਤੇ ਲੋਕਾਂ ਨੂੰ ਮਹਿਜ਼ ਸੱਤਾ ਦੀ ਪੌੜੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੇ ਦਿਨੋਦਿਨ ਵਧ ਰਹੇ ਤਾਨਾਸ਼ਾਹ ਰਵੱਈਏ ਨੂੰ ਸਮੁੱਚੀਆਂ ਅਗਾਂਹਵਧੂ ਅਤੇ ਜਮਹੂਰੀ ਤਾਕਤਾਂ ਦੀ ਅਗਵਾਈ ਵਿਚ ਆਮ ਲੋਕਾਂ ਦੀ ਜਮਹੂਰੀ ਚੇਤਨਾ ਅਤੇ ਜਥੇਬੰਦਕ ਤਾਕਤ ਹੀ ਰੋਕ ਸਕਦੀ ਹੈ ਜਿਸ ਨੂੰ ਪੂਰੀ ਸ਼ਿੱਦਤ ਨਾਲ ਮੁਖ਼ਾਤਿਬ ਹੋਣ ਦੀ ਲੋੜ ਹੈ। ਜਮਹੂਰੀ ਤਾਕਤਾਂ ਨੂੰ ਹੁਕਮਰਾਨਾਂ ਤੇ ਰਾਜ-ਮਸ਼ੀਨਰੀ ਦੇ ਇਸ ਫਾਸ਼ੀਵਾਦ ਰੁਝਾਨ ਦੇ ਖ਼ਿਲਾਫ਼ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਵਿਸ਼ਾਲ ਜਨਤਕ ਲਹਿਰ ਲਾਮਬੰਦ ਕਰਕੇ ਇਸ ਤਾਨਾਸ਼ਾਹ ਜ਼ਿਹਨੀਅਤ ਦਾ ਜਵਾਬ ਦੇਣਾ ਹੋਵੇਗਾ।
21 ਨਵੰਬਰ 2015
No comments:
Post a Comment