ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ, ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਅਤੇ ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਪਿੰਡ ਚੰਨੂ ਦੀ ਵਿਦਿਆਰਥਣ ਨੂੰ ਬੱਸ ਹੇਠ ਦਰੜਕੇ ਮਾਰ ਦੇਣ ਅਤੇ ਅਬੋਹਰ ਵਿਚ ਸ਼ਰਾਬ ਮਾਫ਼ੀਆ ਵਲੋਂ ਦੋ ਨੌਜਵਾਨਾਂ ਦੀਆਂ ਲੱਤਾਂ-ਬਾਹਾਂ ਘੋਰ ਬੇਰਹਿਮੀ ਨਾਲ ਵੱਢ ਦੇਣ ਦੀਆਂ ਘਟਨਾਵਾਂ ਨੂੰ ਬਹੁਤ ਹੀ ਚਿੰਤਾਜਨਕ ਕਰਾਰ ਦਿੰਦਿਆਂ ਇਨ੍ਹਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਇਹ ਦੋਵੇਂ ਘਟਨਾਵਾਂ ਨਾ ਸਿਰਫ਼ ਬੇਰਹਿਮੀ ਦੀ ਸਿਖ਼ਰ ਹਨ ਸਗੋਂ ਅਬੋਹਰ ਕਾਂਡ ਸੰਯੁਕਤ ਰਾਸ਼ਟਰ ਦੀ ਤਸੀਹਿਆਂ ਤੇ ਜ਼ਾਲਮ ਸਜ਼ਾਵਾਂ ਬਾਰੇ ਕਨਵੈਨਸ਼ਨ ਦੀ ਘੋਰ ਉਲੰਘਣਾ ਵੀ ਹੈ ਜਿਨ੍ਹਾਂ ਨੂੰ ਰੋਕਣ ਲਈ ਭਾਰਤੀ ਰਾਜ ਪਾਬੰਦ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮਾਮਲੇ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨਾਲ ਸਬੰਧਤ ਹਨ ਜਿਨ੍ਹਾਂ ਨੂੰ ਕਾਇਦੇਕਾਨੂੰਨਾਂ ਦੀ ਕੋਈ ਪ੍ਰਵਾਹ ਨਈਂ। ਸੱਤਾਧਾਰੀ ਧਿਰ ਕਾਇਦੇਕਾਨੂੰਨਾਂ ਨੂੰ ਲਾਗੂ ਕਰਾਉਣ ਦੀ ਜ਼ਿੰਮੇਵਾਰ ਨਿਭਾਉਣ ਅਤੇ ਨਾਗਰਿਕਾਂ ਪ੍ਰਤੀ ਜਵਾਬਦੇਹ ਹੋਣ ਦੀ ਥਾਂ ਜੁਰਮਾਂ ਤੇ ਮਨਮਾਨੀਆਂ ਦੀ ਸਿਆਸੀ ਪੁਸ਼ਤਪਨਾਹੀ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਅਜਿਹੇ ਨਿਹਾਇਤ ਹੌਲਨਾਕ ਕਾਂਡ ਵਾਰ-ਵਾਰ ਵਾਪਰ ਰਹੇ ਹਨ। ਲੜਕੀ ਨੂੰ ਕੁਚਲਕੇ
ਮਾਰ ਦੇਣ ਦੇ ਮਾਮਲੇ ਵਿਚ ਬੱਸ ਡਰਾਈਵਰ ਨੂੰ ਤੁਰੰਤ ਜ਼ਮਾਨਤ 'ਤੇ ਰਿਹਾਅ ਕਰਨਾ ਜਦਕਿ ਮੁਆਵਜ਼ੇ ਨਾਲ ਪੀੜਤ ਪਰਿਵਾਰ ਦਾ ਮੂੰਹ ਬੰਦ ਕਰਕੇ ਸੜਕੀ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਅਸਲ ਜੁਰਮ ਨੂੰ ਰਫ਼ਾ-ਦਫ਼ਾ ਕਰਨਾ ਤੇ ਦੂਜੇ ਪਾਸੇ ਨਿੱਜੀ ਟਰਾਂਸਪੋਰਟ ਦੀਆਂ ਮਨਮਾਨੀਆਂ ਵਿਰੁੱਧ ਰੋਸ ਪ੍ਰਗਟਾਉਣ ਵਾਲੇ ਲੋਕਾਂ ਵਿਰੁੱਧ ਸੰਗੀਨ ਪਰਚੇ ਦਰਜ ਕਰਨਾ ਅਤੇ ਅਬੋਹਰ ਕਤਲ ਕਾਂਡ ਵਿਚ ਮੁੱਖ ਦੋਸ਼ੀਆਂ ਨੂੰ ਐੱਫ.ਆਈ.ਆਰ. ਵਿਚ ਸ਼ਾਮਲ ਕਰਨ ਦੀ ਥਾਂ ਸੱਤਾਧਾਰੀ ਧਿਰ ਵਲੋਂ ਉਨ੍ਹਾਂ ਦੇ ਬੇਕਸੂਰ ਹੋਣ ਦੀ ਵਕਾਲਤ ਕਰਨਾ ਇਸ ਦਾ ਇਕ ਤਾਜ਼ਾ ਸਬੂਤ ਹੈ ਕਿ ਸਿਆਸਤਦਾਨਾਂ-ਮੁਜਰਿਮਾਂ ਅਤੇ ਰਾਜ ਮਸ਼ੀਨਰੀ ਦਾ ਕਿੰਨਾ ਨਾਪਾਕ ਤੇ ਡੂੰਘਾ ਗੱਠਜੋੜ ਕੰਮ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸੱਤਾਧਾਰੀ ਧਿਰ ਨਾਲ ਸਬੰਧਤ ਨਿੱਜੀ ਬਸ ਟਰਾਂਸਪੋਰਟਾਂ ਵਲੋਂ ਰਾਹ ਜਾਂਦੇ ਲੋਕਾਂ ਨੂੰ ਕੁਚਲ ਕੇ ਮਾਰ ਦੇਣ ਦੀਆਂ ਵਾਰ-ਵਾਰ ਵਾਪਰਦੀਆਂ ਘਟਨਾਵਾਂ ਪ੍ਰਤੀ ਗੰਭੀਰਤਾ ਦਿਖਾਕੇ ਦੋਸ਼ੀਆਂ ਖ਼ਿਲਾਫ਼ ਢੁੱਕਵੀਂ ਕਾਨੂੰਨੀ ਕਾਰਵਾਈ ਕਰੇ ਅਤੇ ਇਸ ਟਰਾਂਸਪੋਰਟ ਦੇ ਅਮਲੇ ਨੂੰ ਸੜਕੀ ਕਾਇਦੇਕਾਨੂੰਨਾਂ ਲਈ ਜਵਾਬਦੇਹ ਬਣਾਇਆ ਜਾਵੇ। ਸਭਾ ਦੇ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਅਬੋਹਰ ਕਾਂਡ ਲਈ ਮੁੱਖ ਜ਼ਿੰਮੇਵਾਰ ਸ਼ਰਾਬ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਮਾਜਿਕ-ਆਰਥਕ ਪੱਥ ਤੋਂ ਕਮਜੋਰ ਤੇ ਨਿਤਾਣੇ ਲੋਕਾਂ ਉੱਪਰ ਜ਼ੁਲਮਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਮਿਤੀ: 18 ਦਸੰਬਰ 2015
No comments:
Post a Comment