Tuesday, October 6, 2015

ਐਸ.ਐਸ.ਡੀ ਕਾਲਜ ਬਰਨਾਲਾ ਦੇ ਐਸ.ਸੀ.ਵਿਦਿਆਰਥੀਆਂ ਦੀਆਂ ਫੀਸਾਂ ਦੇ ਮਸਲੇ

ਐਸ.ਐਸ.ਡੀ ਕਾਲਜ ਬਰਨਾਲਾ ਦੇ ਐਸ.ਸੀ.ਵਿਦਿਆਰਥੀਆਂ ਦੀਆਂ ਫੀਸਾਂ ਦੇ ਮਸਲੇ
ਪੜ੍ਹਤਾਲੀਆ ਰਿਪੋਰਟ ਜਮਹੂਰੀ ਅਧਿਕਾਰ ਸਭਾ ਬਰਨਾਲਾ   
23 ਸਤੰਬਰ 15 ਨੂੰ ਐਸ.ਐਸ.ਡੀ ਕਾਲਜ ਦੇ ਕੁਝ ਵਿਦਿਆਰਥੀਆਂ ਨੇ ਜਮਹੂਰੀ ਅਧਿਕਾਰ ਸਭਾ ਬਰਨਾਲਾ ਨਾਲ ਸੰਪਰਕ ਕਰਦਿਆਂ ਦਸਿਆ ਕਿ ਕਈ ਦਿਨਾਂ ਤੋਂ ਉਨ੍ਹਾਂ ਦੇ ਕਾਲਜ ਵਿਚ ਐਸ.ਸੀ. ਵਿਦਿਆਰਥੀਆਂ ਤੋਂ ਇਮਤਿਹਾਨ ਫੀਸਾਂ ਭਰਵਾਏ ਜਾਣ ਸਬੰਧੀ ਇਕ ਮਸਲਾ ਦਰਪੇਸ਼ ਹੈ।ਸਭਾ ਦੀ ਬਰਨਾਲਾ ਇਕਾਈ ਨੇ ਸਾਰੇ ਪੱਖਾਂ ਦੀ ਘੋਖ ਕਰਨ ਅਤੇ ਤੱਥ ਲੋਕਾਂ ਸਾਹਮਣੇ ਲਿਆਉਣ ਲਈ ਸਰਵ ਸ੍ਰੀ ਗੁਰਮੇਲ ਸਿੰਘ ਠੁੱਲੀਵਾਲ ਜਿਲ੍ਹਾ ਪ੍ਰਧਾਨ,ਸਾਬਕਾ ਮੁੱਖ ਅਧਿਆਪਕ ਬਿੱਕਰ ਸਿੰਘ ਔਲਖ, ਸਾਬਕਾ ਚੀਫ ਮੈਨੇਜਰ ਹਰਚਰਨ ਸਿੰਘ ਚਹਿਲ,ਹੇਮ ਰਾਜ ਸਟੈਨੋ,ਵਰਿੰਦਰ ਦਿਵਾਨਾ ਅਤੇ ਸਾਬਕਾ ਲੈਕਚਰਾਰ ਮੈਡਮ ਅਮਰਜੀਤ ਕੌਰ ਉੱਪਰ ਅਧਾਰਿਤ ਇਕ ਕਮੇਟੀ ਕਾਇਮ ਕੀਤੀ।ਕਮੇਟੀ ਕਾਲਜ ਦੇ ਵਿਦਿਆਰਥੀਆਂ,ਐਸ.ਐਸ.ਡੀ ਕਾਲਜ ਦੇ ਪ੍ਰਿੰਸੀਪਲ ਤੇ ਅਧਿਕਾਰੀਆਂ ਅਤੇ ਭਲਾਈ ਵਿਭਾਗ ਦੇ ਅਫ਼ੳਮਪ;ਸਰਾਂ ਨੂੰ ਮਿਲੀ ਅਤੇ ਇਸ ਨੇ ਪੰਜਾਬ ਸਰਕਾਰ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ, ਐਸ.ਸੀ. ਵਿਦਿਆਰਥੀਆਂ ਦੀਆਂ ਫੀਸਾਂ ਸਬੰਧੀ ਹਦਾਇਤਾਂ ਦੀ ਘੋਖ ਪੜ੍ਹਤਾਲ ਵੀ ਕੀਤੀ।
20-25 ਵਿਦਿਆਰਥੀ/ਵਿਦਿਆਰਥਣਾਂ ਨੇ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਵਿਤੀ ਸਹਾਇਤਾ ਨਾਲ ਸੰਨ 2007-08 ਤੋਂ ਚਲਾਈ ਜਾ ਰਹੀ ‘ਪੋਸਟ-ਮੈਟਰਿਕ ਸਕਾਲਰਸ਼ਿਪ ਸਕੀਮ’ ਅਧੀਨ ਢਾਈ ਲੱਖ ਸਾਲਾਨਾ ਤੋਂ ਘੱਟ ਆਮਦਨੀ ਵਾਲੇ ਐਸ.ਸੀ.ਪ੍ਰੀਵਾਰਾਂ ਨਾਲ ਸਬੰਧਿਤ ਵਿਦਿਆਰਥੀਆਂ ਦੀਆਂ ਸਾਰੀਆਂ ਨਾ-ਮੋੜ੍ਹਨ ਯੋਗ ਫੀਸਾਂ ਦੀ ਪ੍ਰਤੀ ਪੂਰਤੀ ਭਲਾਈ ਵਿਭਾਗ ਰਾਹੀਂ ਸੂਬਾ ਸਰਕਾਰ ਨੇ ਕਰਨੀ ਹੁੰਦੀ ਹੈ ਜਿਸ ਨੇ ਇਸ ਰਕਮ ਦਾ ਕੁਝ ਪ੍ਰਤੀਸ਼ਤ ਹਿੱਸਾ ਅੱਗੋਂ ਕੇਂਦਰ ਸਰਕਾਰ ਤੋਂ ਕਲੇਮ ਕਰਨਾ ਹੁੰਦਾ ਹੈ।ਕਿਸੇ ਵੀ ਸੰਸਥਾ ਨੇ ਇਹ ਨਾ-ਮੋੜ੍ਹਨਯੋਗ ਫੀਸਾਂ ਕਿਸੇ ਐਸ.ਸੀ ਵਿਦਿਆਰਥੀ ਤੋਂ ਨਹੀਂ ਲੈਣੀਆਂ ਹੁੰਦੀਆਂ।ਇਸ ਆਸ਼ੇ ਨੂੰ ਪ੍ਰਗਟਾਉਂਦੇ ਭਲਾਈ ਵਿਭਾਗ ਦੇ ਇਕ ਪੱਤਰ ( ਮੀਮੋ ਨੰ: 31984-91 ਮਿਤੀ 22-07-2014) ਦੀ ਇਕ ਨਕਲ ਉਨ੍ਹਾਂ ਨੇ ਕਮੇਟੀ ਮੈਂਬਰਾਂ ਨੂੰ ਵੀ ਸੌਂਪੀ।ਗੁਰਜਿੰਦਰ ਵਿਦਿਆਰਥੀ ਨਾਂ ਦੇ ਇਕ ਸਟੂਡੈਂਟ ਨੇ ਦੱਸਿਆ ਕਿ ਭਾਵੇਂ ਇਸ ਕਾਲਜ ਨੇ ਇਸ ਸਕੀਮ ਨੂੰ ਧਿਆਨ ਵਿਚ ਰੱਖਦਿਆਂ ਐਸ.ਸੀ. ਵਿਦਿਆਰਥੀਆਂ ਤੋਂ ਟਿਊਸ਼ਨ ਫੀਸਾਂ ਤਾਂ ਨਹੀਂ ਉਗਰਾਹੀਆਂ ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਕਾਲਜ ਅਧਿਕਾਰੀਆਂ ਵਲੋਂ ਇਮਤਿਹਾਨ ਫੀਸ ਦੀ ਉਗਰਾਹੀ ਕੀਤੀ ਜਾ ਰਹੀ ਹੈ।ਵਿਦਿਆਰਥੀਆਂ ਨੂੰ ਇਮਤਿਹਾਨ ਫੀਸ ਨਾ ਭਰਨ ਦੀ ਸੂਰਤ ਵਿਚ ਇਮਤਿਹਾਨ ਵਿਚ ਬੈਠਣ ਦੇ ਅਯੋਗ ਕਰਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਗੁਰਜਿੰਦਰ ਵਿਦਿਆਰਥੀ ਨੇ ਦੱਸਿਆ ਕਿ ਉਨ੍ਹਾਂ ਨੇ 156 ਐਸ.ਸੀ.ਵਿਦਿਆਰਥੀਆਂ ਦੁਆਰਾ ਦਸਤਖ਼ਤ ਕੀਤੇ ਹੋਏ ਇਕ ਬਿਨੈ-ਪੱਤਰ ਰਾਹੀਂ ਕਾਲਜ ਅਧਿਕਾਰੀਆਂ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਤੋਂ ਇਹ ਫੀਸ ਨਾ ਭਰਵਾਈ ਜਾਵੇ ਅਤੇ ਜੋ ਵਿਦਿਆਰਥੀ ਭਰ ਚੁੱਕੇ ਹਨ,ਉਨ੍ਹਾਂ ਨੂੰ ਇਹ ਫੀਸ ਰੀਫੰਡ ਕੀਤੀ ਜਾਵੇ ਪਰ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ(ਇਸ ਬਿਨੈ-ਪੱਤਰ ਦੀ ਇਕ ਕਾਪੀ ਸਭਾ ਦੇ ਮੈਂਬਰਾਂ ਨੂੰ ਵੀ ਸੌਂਪੀ ਗਈ)।ਜਦ ਉਸ ਨੇ ਕੁਝ ਵਿਦਿਆਰਥੀਆਂ ਨੂੰ ਨਾਲ ਲੈ ਕੇ ਕਾਲਜ ਅਧਿਕਾਰੀਆਂ ਨਾਲ ਇਸ ਮਸਲੇ ਵਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਡੀਨ (ਅਕਾਦਮਿਕ ਮਾਮਲੇ) ਸ੍ਰੀ ਨੀਰਜ ਸ਼ਰਮਾ ਨੇ,ਉਥੇ ਮੌਜੂਦ ਬਹੁਤ ਸਾਰੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਸ਼ਰੇਆਮ ਉਸਦੇ ਗਲ ਨੂੰ ਹੱਥ ਪਾਇਆ।ਵਿਦਿਆਰਥੀਆਂ ਨੂੰ ਡਰਾਉਣ ਅਤੇ ਉਨ੍ਹਾਂ ਦੀਆਂ ਮੰਗਾਂ ਨਾ ਉਠਾਉਣ ਦਾ ਸਬਕ ਸਿਖਾਉਣ ਦੀ ਮਨਸ਼ਾ ਨਾਲ ਉਸ ਨੂੰ 15 ਦਿਨ ਲਈ ਕਾਲਜ ਚੋਂ ਮੁਅੱਤਲ ਕਰ ਦਿੱਤਾ।ਜਦ ਉਹ ਇਸ ਮਸਲੇ ਬਾਰੇ ਗੱਲ ਕਰਨ ਗਿਆ ਤਾਂ ਇਕ ਅਧਿਕਾਰੀ ਨੇ ਉਸ ਨਾਲ ਜਾਤੀ-ਸੂਚਕ ਸ਼ਬਦ ਵਰਤਦੇ ਹੋਏ ਗੱਲ ਕੀਤੀ ਅਤੇ ਇਸੇ ਤਰ੍ਹਾਂ ਇਕ ਲੜਕੀ ਨਾਲ ਗੱਲ ਕਰਦੇ ਸਮੇਂ ਬਹੁਤ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ।ਉਹ ਇਕ ਵਫਦ ਦੇ ਰੂਪ ਵਿਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਵੀ ਮਿਲੇ ਸਨ ਪਰ ਮਸਲਾ ਹੱਲ ਨਹੀਂ ਹੋਇਆ।ਵਿਦਿਆਰਥੀਆਂ ਨੇ ਦੱਸਿਆ ਕਿ ਬਰਨਾਲਾ ਇਲਾਕੇ ਦੀ ਇਹ ਇਕੱਲੀ ਸੰਸਥਾ ਹੈ ਜੋ ਐਸ.ਸੀ ਵਿਦਿਆਰਥੀਆਂ ਤੋਂ ਇਹ ਫੀਸਾਂ ਉਗਰਾਹ ਰਹੀ ਹੈ ਜਦ ਕਿ ਬਾਕੀ ਸਾਰੀਆਂ ਸੰਸਥਾਵਾਂ- ਸਮੇਤ ਨਿਜੀ ਸੰਸਥਾਵਾਂ ਦੇ- ਇਹ ਫੀਸ ਨਹੀਂ ਉਗਰਾਹ ਰਹੀਆਂ। ਵਿਦਿਆਰਥੀਆਂ ਨੂੰ ਇਸ ਗੱਲ ਦਾ ਵੀ ਗਿਲ੍ਹਾ ਹੈ ਕਿ ਦਾਖਲੇ ਸਮੇਂ ਆਪਣੀ ਸੰਸਥਾ ਨੂੰ ਵਧੇਰੇ ਖਿਚ-ਭਰਪੂਰ ਬਣਾਉਣ ਲਈ ਇਹ ਪ੍ਰਭਾਵ ਦਿੱਤਾ ਗਿਆ ਕਿ ਐਸ.ਸੀ ਵਿਦਿਆਰਥੀਆਂ ਤੋਂ ਕੋਈ ਨਾ-ਮੋੜ੍ਹਨ ਯੋਗ ਫੀਸ ਨਹੀਂ ਲਈ ਜਾਵੇਗੀ।ਉਨ੍ਹਾਂ ਨੇ ਸਭਾ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਬਹੁਤ ਗਰੀਬ ਪੀ੍ਰਵਾਰਾਂ ਨਾਲ ਸਬੰਧ ਰੱਖਦੇ ਹਨ ਅਤੇ ਫੀਸਾਂ ਦਾ ਇਹ ਆਰਥਿਕ ਬੋਝ ਝੱਲਣ ਦੇ ਸਮੱਰਥ ਨਹੀਂ।ਜੇਕਰ ਸਮੱਸਿਆ ਦਾ ਕੋਈ ਹੱਲ ਨਾ ਨਿਕਲਿਆ ਤਾਂ ਉਨ੍ਹਾਂ ਦਾ ਵਿਦਿਅਕ ਸਾਲ ਖਤਰੇ ਵਿਚ ਪੈ ਸਕਦਾ ਹੈ।
ਸਭਾ ਦੀ ਟੀਮ ਨੇ ਪ੍ਰਿੰਸੀਪਲ ਸਾਹਿਬ ਦੇ ਕਿਸੇ ਦਫ਼ੳਮਪ;ਤਰੀ ਕੰਮ ਕਾਰਨ ਬਾਹਰ ਗਏ ਹੋਣ ਕਾਰਨ ਡੀਨ (ਅਕਾਦਮਿਕ ਮਾਮਲੇ) ਸ੍ਰੀ ਨੀਰਜ ਸ਼ਰਮਾ,ਲੈਕਚਰਾਰ ਸ੍ਰੀ ਭਾਰਤ ਭੂਸ਼ਨ ਅਤੇ ਲੈਕਚਰਾਰ(ਸਰੀਰਕ ਸਿਖਿਆ) ਨਾਲ ਗੱਲਬਾਤ ਕੀਤੀ।ਮੁਢਲੀਆਂ ਉਪਚਾਰਕਤਾਵਾਂ ਬਾਅਦ ਕਮੇਟੀ ਮੈਂਬਰਾਂ ਨੇ ਆਪਣਾ ਅਸਲੀ ਮਨੋਰਥ ਦੱਸਦਿਆਂ ‘ਸਕੀਮ’ ਅਧੀਨ ਐਸ.ਸੀ.ਵਿਦਿਆਰਥੀਆਂ ਤੋਂ ਫੀਸਾਂ ਦੀ ਉਗਰਾਹੀ ਬਾਰੇ ਅਤੇ ਪਿਛਲੇ ਦਿਨੀਂ ਹੋਈਆਂ ਘਟਨਾਵਾਂ ਵਾਰੇ ਉਨ੍ਹਾਂ ਦੇ ਵਿਚਾਰ ਜਾਨਣੇ ਚਾਹੇ।ਫੀਸਾਂ ਦੇ ਸਬੰਧ ਵਿਚ ਉਨਾਂ ਨੇ ਭਲਾਈ ਵਿਭਾਗ ਪੰਜਾਬ ਦੇ ਪੱਤਰ( ਮੀਮੋ ਨੰਬਰ:954-958 ਮਿਤੀ 12-08-2015) ਦੀ ਇਕ ਨਕਲ ਕਮੇਟੀ ਮੈਂਬਰਾਂ ਨੂੰ ਦਿੱਤੀ ਜੋ ਉਨ੍ਹਾਂ ਅਨੁਸਾਰ ਮਿਤੀ 22-07-14 ਦੇ ਪੱਤਰ ਵਿਚਲੀਆਂ ਹਦਾਇਤਾਂ ਨੂੰ ਖਾਰਜ ਕਰਦੇ ਹੋਏ,ਏਡਿਡ ਅਤੇ ਨਾਨ-ਏਡਿਡ ਮਾਨਤਾ ਪ੍ਰਾਪਤ ਸੰਸਥਾਵਾਂ ਨੂੰ ਟਿਊਸ਼ਨ ਫੀਸ ਨੂੰ ਛੱਡ ਕੇ ਬਾਕੀ ਸਾਰੀਆਂ ਨਾ-ਮੋੜ੍ਹਨ ਯੋਗ ਫੀਸਾਂ ਐਸ.ਸੀ.ਵਿਦਿਆਰਥੀਆਂ ਤੋਂ ਉਗਰਾਹੀ ਕਰਨ ਜਾਂ ਨਾ-ਕਰਨ ਬਾਰੇ ਖੁਲ੍ਹ ਦਿੰਦਾ ਹੈ।ਉਗਰਾਹੀ ਕਰਨ ਦੀ ਸੂਰਤ ਵਿਚ ਉਹ ਫੀਸ ਦੀ ਰਸੀਦ ਉਪਰ ਇਕ ਅੰਡਰਟੇਕਿੰਗ ਦੇਣਗੇ ਕਿ ਭਲਾਈ ਵਿਭਾਗ ਤੋਂ ਇਸ ਰਕਮ ਦੀ ਪ੍ਰਤੀ-ਪੂਰਤੀ ਦਾ ਕਲੇਮ ਸੰਸਥਾ ਨਹੀਂ ਕਰੇਗੀ।ਇਹ ਕਲੇਮ ਸਬੰਧਿਤ ਵਿਦਿਆਰਥੀ ਕਰੇਗਾ।ਫੀਸਾਂ ਦੀ ਉਗਰਾਹੀ ਨਾ ਕਰਨ ਵਾਲੀ ਸੰਸਥਾ ਇਸ ਦੀ ਪ੍ਰਤੀ-ਪੂਰਤੀ ਦਾ ਕਲੇਮ ਆਪਣੇ ਵਿਭਾਗੀ ਮੁਖੀ ਰਾਹੀਂ ਭਲਾਈ ਵਿਭਾਗ ਤੋਂ ਕਰੇਗੀ।ਸੋ ਕਾਲਜ ਅਧਿਕਾਰੀਆਂ ਦਾ ਤਰਕ ਸੀ ਕਿ ਉਹ ਸਰਕਾਰ ਦੀਆਂ ਨਵੀਨਤਮ ਹਦਾਇਤਾਂ ਮੁਤਾਬਕ ਹੀ ਬੱਚਿਆਂ ਤੋਂ ਇਮਤਿਹਾਨ ਫੀਸਾਂ ਦੀ ਉਗਰਾਹੀ ਕਰ ਰਹੇ ਸਨ ਅਤੇ ਸੰਸਥਾ ਦੀ ਕਮਜ਼ੋਰ ਮਾਲੀ ਹਾਲਤ ਕਾਰਨ, ਆਪਣੇ ਕੋਲੋਂ ਯੂਨੀਵਰਸਿਟੀ ਨੂੰ ਭੁਗਤਾਨ ਕਰਕੇ ਬਾਅਦ ਵਿਚ ਪ੍ਰਤੀਪੂਰਤੀ ਲੈਣ ਵਾਲਾ ਰਸਤਾ ਨਹੀਂ ਅਪਣਾ ਸਕਦੇ।ਵੈਸੇ ਵੀ ਪ੍ਰਤੀ-ਪੂਰਤੀ ਆਉਣ ਵਿਚ ਬਹੁਤ ਦੇਰੀ ਹੋਣ ਕਾਰਨ ਉਨ੍ਹਾਂ ਨੂੰ ਮਾਲੀ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ।ਆਪਣੇ ਸ੍ਰੋਤਾਂ ਤੋਂ ਕਿਸੇ ਦੂਸਰੀ ਸੰਸਥਾ(ਯੂਨੀਵਰਸਿਟੀ) ਨੂੰ ਇਮਤਿਹਾਨ ਫੀਸ ਦਾ ਨਗਦ ਭੁਗਤਾਨ,ਉਨ੍ਹਾਂ ਨੂੰ ਟਿਊਸ਼ਨ ਫੀਸ ਦੇ ਥੋੜ੍ਹੀ ਦੇਰ ਨਾਲ ਮਿਲਣ ਨਾਲੋਂ ਜ਼ਿਆਦਾ ਰੜ੍ਹਕਦਾ ਹੈ।ਦੂਜੀਆਂ ਸਥਾਨਕ ਪ੍ਰਾਈਵੇਟ ਸੰਸਥਾਵਾਂ ਵਲੋਂ ਫੀਸਾਂ ਨਾ ਲਏ ਜਾਣ ਬਾਰੇ ਪੁੱਛਣ ’ਤੇ ਉਹ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕੇ ਅਤੇ ਕਿਹਾ ਕਿ ਉਹ ਸੰਸਥਾਵਾਂ ਸ਼ਾਇਦ ਕਿਸੇ ਹੋਰ ਢੰਗ ਨਾਲ ਵਸੂਲੀ ਕਰਦੀਆਂ ਹੋਣਗੀਆਂ।
ਗੁਰਜਿੰਦਰ ਵਿਦਿਆਰਥੀ ਨੂੰ ਮੁਅੱਤਲ ਕਰਨ ਵਾਰੇ ਪੁੱਛਣ ’ਤੇ ਉਨ੍ਹਾਂ ਉਸ ਉਪਰ ਅਨੁਸ਼ਾਸਨਹੀਣਤਾ,ਲੜਕੀਆਂ ਦੇ ਕਾਮਨ-ਰੂਮ ਵਿਚ ਚਲੇ ਜਾਣ ਅਤੇ ਵਿਦਿਆਰਥੀਆਂ ਨੂੰ ਕਾਲਜ ਅਧਿਕਾਰੀਆਂ ਵਿਰੁਧ ਭੜ੍ਹਕਾਉਣ ਆਦਿ ਦੇ ਦੋਸ਼ ਲਾਏ।ਡੀਨ ਸਾਹਿਬ ਨੂੰ ਤਾਂ ਸ਼ਾਇਦ ਉਸ ਵਲੋਂ ਸ਼ਹੀਦ ਭਗਤ ਸਿੰਘ ਤੇ ਕਰਤਾਰ ਸਿੰਘ ਸਰਾਭਾ ਦੇ ਨਾਂ ਲਏ ਜਾਣ ਦੀ ਵੀ ਚਿੜ੍ਹ ਸੀ,ਅਖੇ“ਇਹ ਮੁੰਡਾ ਵਿਦਿਆਰਥੀਆਂ ਨੂੰ ਕਹਿੰਦਾ ਰਹਿੰਦੈ, ਭਗਤ ਸਰਾਭੇ ਦੇ ਵਾਰਸੋ ਤੁਸੀਂ ਇਹ ਕਰੋ ਔਹ ਕਰੋ”।ਜਾਤੀ-ਸੂਚਕ ਸ਼ਬਦ ਬੋਲਣ ਜਾਂ ਭੱਦੀ-ਸ਼ਬਦਾਵਲੀ ਦਾ ਇਸਤੇਮਾਲ ਕਰਨ ਦੇ ਦੋਸ਼ਾਂ ਨੂੰ ਉਨ੍ਹਾਂ ਨੇ ਬਿਲਕੁਲ ਨਕਾਰ ਦਿੱਤਾ।ਫੋਨ ਰਾਹੀਂ ਕਾਲਜ ਪ੍ਰਿੰਸੀਪਲ ਸ੍ਰੀ ਬਲਵਿੰਦਰ ਸਿੰਘ ਨਾਲ ਗੱਲ ਕਰਕੇ ਸਾਰੇ ਮਸਲੇ ਵਾਰੇ ਉਸਦੇ ਵਿਚਾਰ ਜਾਣੇ ਗਏ।
ਉਸੇ ਦਿਨ ਹੀ ਮੈਡਮ ਅਮਰਜੀਤ ਕੌਰ ਤੇ ਵਰਿੰਦਰ ਦੀਵਾਨਾ ਨੇ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਕੇ‘ਪੋਸਟ-ਮੈਟਰਿਕ ਸਕਾਲਰਸ਼ਿਪ ਸਕੀਮ’ ਦੀ ਫੀਸਾਂ ਨਾਲ ਸਬੰਧਿਤ ਪ੍ਰਕਿਰਿਆ ਵਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨੇ ਮਿਤੀ12-08-15 ਦੇ ਪੱਤਰ ਰਾਹੀਂ ਸਕੀਮ ਵਿਚ ਨਿਜੀ ਸੰਸਥਾਵਾਂ ਨੂੰ ਫੀਸ ਵਸੂਲੀ ਵਿਚ ਛੋਟ ਦੇਣ ਦੀ ਗੱਲ ਤਾਂ ਕਹੀ ਪਰ ਕੀ ਇਹ ਛੋਟ ਇਸ ਪੱਤਰ ਦੀ ਤਰੀਕ ਤੋਂ ਪਹਿਲਾਂ ਦਾਖਲ ਹੋ ਚੁੱਕੇ ਬੱਚਿਆਂ ਨੂੰ ਵੀ ਪ੍ਰਭਾਵਿਤ ਕਰੇਗੀ,ਵਾਰੇ ਆਪਣੀ ਅਨਜਾਣਤਾ ਪ੍ਰਗਟਾਈ।
ਸਿੱਟੇ:ਟੀਮ ਵੱਲੋਂ ਇਕੱਤਰ ਕੀਤੀ ਜਾਣਕਾਰੀ ਦੇ ਅਧਾਰ ਤੇ ਸਭਾ ਇਹਨਾਂ ਸਿੱਟਿਆਂ ’ਤੇ ਪਹੁੁੁੰਚੀ ਹੈ ਕਿ:-
1) ਐਸ.ਐਸ.ਡੀ. ਕਾਲਜ ਬਰਨਾਲਾ ਨੇ ਦਾਖਲੇ ਸਮੇਂ ਐਸ.ਸੀ ਵਿਦਿਆਰਥੀਆਂ ਨੂੰ ਪੋਸਟ-ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰੂਹ ਮੁਤਾਬਕ ਸਾਰੀਆਂ ਨਾ-ਮੋੜ੍ਹਨਯੋਗ ਫੀਸਾਂ ਨਾ ਲੈਣ ਦਾ ਵਾਅਦਾ ਕੀਤਾ ਸੀ।ਇਹ ਜਾਣਕਾਰੀ ਕਾਲਜ ਇਮਾਰਤ ਵਿਚ ਲੱਗੇ ਇਕ ਬੋਰਡ ਉਪਰ ਵੀ ਦਰਜ ਸੀ।ਇਹ ਸ਼ਾਇਦ ਵੱਧ ਤੋਂ ਵੱਧ ਵਿਦਿਆਰਥੀ ਆਪਣੇ ਕਾਲਜ ਵਲ ਆਕਰਸ਼ਿਤ ਕਰਨ ਲਈ ਕੀਤਾ ਗਿਆ ਸੀ।ਫਿਰ ਵਿਦਿਅਕ ਸ਼ੈਸਨ ਦੇ ਅੱਧ-ਵਿਚਕਾਰ ਨਵੀਆਂ ਹਦਾਇਤਾਂ ਦੇ ਨਾਂ ਹੇਠ ਇਮਤਿਹਾਨ ਫੀਸਾਂ ਭਰਵਾਉਣ ਲਈ ਐਸ.ਸੀ ਵਿਦਿਆਰਥੀਆਂ ਉਪਰ ਦਬਾਅ ਪਾਇਆ ਜਾਣ ਲੱਗਾ।ਫੀਸਾਂ ਮੁਫਤ ਹੋਣ ਦੇ ਭਰੋਸੇ ਕਾਰਨ ਦਾਖਲ ਹੋਏ ਗਰੀਬ ਵਿਦਿਆਰਥੀਆਂ ਲਈ ਇਹ ਬੋਝ ਸਹਿਣਯੋਗ ਨਹੀਂ।ਵਿਦਿਆਰਥੀ ਸਹੇ ਦੇ ਨਾਲ-2 ਪਹੇ ਤੋਂ ਵੀ ਡਰਦੇ ਹਨ ਕਿਉਂਕਿ ਉਨ੍ਹਾਂ ਮੁਤਾਬਕ ਇਹ ਰੁਝਾਨ ਭਵਿੱਖ ਲਈ ਵੀ ਖਤਰਨਾਕ ਹੋ ਸਕਦਾ ਹੈ।
2) ਵਿਦਿਆਰਥੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਫੀਸ ਭਰਨ ਬਾਅਦ ਉਹ ਆਨ-ਲਾਈਨ ਦਰਖਾਸਤ ਭੇਜ ਕੇ ਭਲਾਈ ਵਿਭਾਗ ਤੋਂ ਆਪਣੇ ਬੈਂਕ ਖਾਤੇ ਰਾਹੀਂ ਪ੍ਰਤੀ-ਪੂਰਤੀ ਲੈ ਸਕਦੇ ਹਨ ਪਰ ਪੂਰੀ ਜਾਣਕਾਰੀ ਦੀ ਘਾਟ,ਹਰ ਵਿਦਿਆਰਥੀ ਕੋਲ ਇੰਟਰਨੈਟ ਸਹੂਲਤ ਦੀ ਅਣਹੋਂਦ ਅਤੇ ਬੈਂਕਾਂ ਵਿਚ ਖਾਤੇ ਖੁਲਵਾਉਣ ਲਈ ਆਉਂਦੀਆਂ ਮੁਸ਼ਕਲਾਂ ਕਾਰਨ ਬਹੁਤੇ ਐਸ.ਸੀ ਵਿਦਿਆਰਥੀ ਇਹ ਪ੍ਰਤੀ-ਪੂਰਤੀ ਨਹੀਂ ਲੈ ਪਾਉਣਗੇ ਅਤੇ ਅਮਲੀ ਰੂਪ ਵਿਚ ਉਹ ਸਕੀਮ ਦਾ ਫਾਇਦਾ ਨਹੀਂ ਲੈ ਪਾਉਣਗੇ।
3) ਇਮਤਿਹਾਨ ਫੀਸ ਭਰਵਾਉਣ ਲਈ ਵਿਦਿਆਰਥੀਆਂ ਨੂੰ ਡਰਾਉਣਾ ਧਮਕਾਉਣਾ, ਗੱਲਬਾਤ ਦੌਰਾਨ ਜਾਤੀ-ਸੂਚਕ ਤੇ ਭੱਦੀ ਸ਼ਬਦਾਵਲੀ ਦਾ ਇਸਤੇਮਾਲ,ਬਿਨਾਂ ਕਿਸੇ ਠੋਸ ਕਾਰਨ ਦੇ ਇਕ ਵਿਦਿਆਰਥੀ ਨੂੰ 15 ਦਿਨਾਂ ਲਈ ਕਾਲਜ ਚੋਂ ਸਸਪੈਂਡ ਕਰਨਾ ਅਤੇ ਵਿਦਿਆਰਥੀਆਂ ਨੂੰ ਜਥੇਬੰਦ ਹੋਣ ਤੋਂ ਰੋਕਣ ਲਈ ਉਨ੍ਹਾਂ ਨੂੰ ਡਰਾਉਣਾ ਧਮਕਾਉਣਾ ਨਾ ਸਿਰਫ਼ ਗ਼ੈਰ-ਕਾਨੂੰਨੀ ਤੇ ਗ਼ੈਰ-ਜਮਹੂਰੀ ਕਾਰਵਾਈਆਂ ਹਨ ਸਗੋਂ ਉਨ੍ਹਾਂ ਦੇ ਜਥੇਬੰਦ ਹੋਣ ਦੇ ਕਾਨੂੰਨੀ ਹੱਕਾਂ ਉਪਰ ਛਾਪਾ ਹਨ।
4) ਇੱਕੋ ਸਰਕਾਰੀ ਸਕੀਮ,ਸਰਕਾਰੀ ਸੰਸਥਾਵਾਂ ਤੇ ਪ੍ਰਾਈਵੇਟ ਸੰਸਥਾਵਾਂ ਵਿਚ ਵੱਖਰੇ-2 ਢੰਗਾਂ ਨਾਲ ਲਾਗੂ ਕੀਤੀ ਜਾ ਰਹੀ ਹੈ ਜੋ ਪ੍ਰਾਈਵੇਟ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਵਿਤਕਰੇਪੂਰਨ ਵਿਹਾਰ ਹੈ।ਜਾਪਦਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੰਜਾਬ ਸਰਕਾਰ ਨੇ ਪ੍ਰਾਈਵੇਟ ਸੰਸਥਾਵਾਂ ਦੀ ਕਾਨੂੰਨੀ ਲੜ੍ਹਾਈ ਦਾ ਗੰਭੀਰਤਾ ਨਾਲ ਸਾਹਮਣਾ ਨਹੀਂ ਕੀਤਾ ਜਿਸ ਕਾਰਨ ਇਹ ਸੰਸਥਾਵਾਂ ਕੁਝ ਫੀਸਾਂ ਪ੍ਰਤੀ-ਪੂਰਤੀ ਰੂਟ ਦੀ ਥਾਂ,ਸਿੱਧਾ ਐਸ.ਸੀ ਵਿਦਿਆਰਥੀਆਂ ਤੋਂ ਉਗਰਾਹਣ ਦਾ ਹੱਕ ਹਾਸਲ ਕਰ ਸਕੀਆਂ।
5)ਕੇਂਦਰ ਸਰਕਾਰ ਦੀ ‘ਮਿਨਿਸਟਰੀ ਆਫ਼ ਸੋਸਲ ਜਸਟਿਸ ਐਂਡ ਐਮਪਾਵਰਮੈਂਟ’ ਦੀ ਵੈਬਸਾਈਟ www.socialjustice.nic.in  ਉਪਰ ਦਿੱਤੀ ਜਾਣਕਾਰੀ ਮੁਤਾਬਕ ਸੂਬਾ ਸਰਕਾਰ ਇਕ ਤਹਿ-ਸ਼ੁਦਾ ਫਾਰਮੂਲੇ ਅਨੁਸਾਰ ਇਕ ਖਾਸ ਰਕਮ ਇਸ ਸਕੀਮ ਲਈ ਰਾਖਵਾਂ ਰੱਖਣ ਲਈ ਪਾਬੰਦ ਹੁੰਦੀ ਹੈ ਅਤੇ ਬਾਕੀ ਰਕਮ ਕੇਂਦਰ ਸਰਕਾਰ ਨੇ ਮੁਹੱਈਆ ਕਰਵਾਉਣੀ ਹੁੰਦੀ ਹੈ।ਮਤਲਬ ਸੂਬਾ ਸਰਕਾਰ ਨੂੰ ਇਸ ਸਕੀਮ ਹੇਠ ਬਣਦੀ ਆਪਣੀ ਦੇਣਦਾਰੀ ਦਾ ਅਕਾਦਮਿਕ ਸ਼ੈਸਨ ਦੇ ਸ਼ੁਰੂ ਵਿਚ ਹੀ ਪਤਾ ਹੁੰਦਾ ਹੈ।ਫਿਰ ਇਮਤਿਹਾਨ ਫੀਸ ਦੀ ਪ੍ਰਤੀ-ਪੂਰਤੀ ਸਿੱਧੀ ਸਬੰਧਿਤ ਯੂਨੀਵਰਸਿਟੀ ਜਾਂ ਸੰਸਥਾ ਨੂੰ ਕਰਨ ਵਿਚ ਦੇਰੀ ਕਿਉਂ ਹੁੰਦੀ ਹੈ?
6) ਪੰਜਾਬ ਦਾ ਭਲਾਈ ਵਿਭਾਗ( ਜੋ ਸਕੀਮ ਲਾਗੂ ਕਰਨ ਲਈ ਨੋਡਲ ਵਿਭਾਗ ਹੈ) ਸੰਸਥਾਵਾਂ ਨੂੰ ਫੀਸਾਂ ਦੀ ਪ੍ਰਤੀ-ਪੂਰਤੀ ਕਰਨ ਵਿਚ ਬਹੁਤ ਦੇਰੀ ਕਰਦਾ ਹੈ ਜਿਸ ਕਾਰਨ ਪ੍ਰਾਈਵੇਟ ਸੰਸਥਾਵਾਂ ਦੇ ਇਸ ਦਾਅਵੇ ਨੂੰ ਬਲ ਮਿਲਦਾ ਹੈ ਕਿ ਲੰਬੇ ਸਮੇਂ ਤਕ ਸਰਕਾਰ ਤੋਂ ਪ੍ਰਤੀ-ਪੂਰਤੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣੀ ਸੰਸਥਾ ਚਲਾਉਣ ਲਈ ਫੰਡਾਂ ਦੀ ਘਾਟ ਮਹਿਸੂਸ ਹੁੰਦੀ ਹੈ।
7) ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਤੋਂ ਇਸ ਸਕੀਮ ਅਧੀਨ ਮਿਲੀ ਰਕਮ ਨੂੰ ਕਿਸੇ ਹੋਰ ਥਾਂ ਵਰਤੇ ਜਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।29 ਸਤੰਬਰ 2015 ਨੂੰ ਪੰਜਾਬੀ ਟ੍ਰਿਬਿਊਨ ਅਖਬਾਰ ਵਿਚ ਇਸ ਆਸ਼ੇ ਦੀ ਇਕ ਖਬਰ ਵੀ ਪ੍ਰਕਾਸ਼ਤ ਹੋਈ ਹੈ ਜਿਸ ਅਨੁਸਾਰ ਜਿਸ ਸਾਲ ਪੰਜਾਬ ਸਰਕਾਰ ਨੇ ਇਸ ਸਕੀਮ ਅਧੀਨ ਭਰੀਆਂ ਫੀਸਾਂ ਦੇ ਸਿਰਫ਼ੳਮਪ; 75 ਪ੍ਰਤੀਸ਼ਤ ਹਿਸੇ ਦੀ ਪ੍ਰਤੀ-ਪੂਰਤੀ ਕੀਤੀ ਅਤੇ ਬਾਕੀ ਰਕਮ ਲਈ ਚੁਪ ਵੱਟ ਲਈ।ਕਈ ਕਾਲਜਾਂ ਨੂੰ ਤਾਂ 33 ਪ੍ਰਤੀਸ਼ਤ ਰਕਮ ਹੀ ਮਿਲ ਪਾਈ।
8) ਇਸ ਸਕੀਮ ਅਧੀਨ ਵੱਡੇ ਘੁਟਾਲੇ ਹੋਣ ਦੀਆਂ ਖਬਰਾਂ ਵੀ ਪਿਛਲੇ ਦਿਨੀ ਪੰਜਾਬ ਦੇ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹੀਆਂ ਹਨ।ਇਕੋ ਵਿਦਿਆਰਥੀ ਦਾ ਦੋ-2,ਤਿੰਨ-2 ਕਾਲਜਾਂ ਵਿਚ ਦਾਖਲਾ ਦਿਖਾ ਕੇ ਅਤੇ ਡੰਮੀ ਵਿਦਿਆਰਥੀ ਦਾਖਲ ਕਰਕੇ ਕਈ ਪ੍ਰਾਈਵੇਟ ਸੰਸਥਾਵਾਂ ਨੇ ਖੂਬ ਹੱਥ ਰੰਗੇ ਹਨ।26 ਸਤੰਬਰ ਦੇ ਪੰਜਾਬੀ ਟ੍ਰਿਬਿਊਨ ਅਖਬਾਰ ਮੁਤਾਬਕ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਸ ਸਕੀਮ ਅਧੀਨ ਮਿਲਣ ਵਾਲੇ 17 ਕਰੋੜ ਦੱਬੀ ਬੈਠੀ ਹੈ ਅਤੇ ਮਾਮਲਾ ਪੰਜਾਬ ਐਸ.ਸੀ ਕਮਿਸ਼ਨ ਦੇ ਜ਼ੇਰੇ-ਗੌਰ ਹੈ।
9) ਕੇਂਦਰ ਸਰਕਾਰ ਵੀ ਸਕੀਮ ਨੂੰ ਇਸ ਦੀ ਸਹੀ ਭਾਵਨਾ ਅਨੁਸਾਰ ਲਾਗੂ ਕਰਨ ਲਈ ਗੰਭੀਰ ਨਹੀਂ ਲੱਗਦੀ।ਰਾਜਾਂ ਤੋਂ ਸਮੇਂ ਸਿਰ ਪ੍ਰਸਤਾਵ ਮੰਗਵਾ ਕੇ ਸਮੇਂ ਸਿਰ ਫੰਡ ਰਲੀਜ਼ ਕਰਨੇ,ਫੰਡਾਂ ਦੀ ਸਹੀ ਵਰਤੋਂ ਨੂੰ ਸੁਨਿਸ਼ਚਿਤ ਕਰਨਾ ਅਤੇ ਸਕੀਮ ਦੀ ਪੂਰੀ ਮੋਨੀਟਰਿੰਗ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਜੋ ਲਗਦਾ ਹੈ ਠੀਕ ਤਰਾਂ ਨਹੀਂ ਹੋ ਰਹੀ।
10) ਮਸਲੇ ਦੀ ਜੜ੍ਹ ਨਿਜੀਕਰਨ ਦੀਆਂ ਨੀਤੀਆਂ ਤਹਿਤ ਸਰਕਾਰ ਵੱਲੋਂ ਸਭ ਲਈ ਮੁਫ਼ਤ ਵਿਦਿਆ ਮੁਹੱਈਆ ਕਰਨ ਦੀ ਜ਼ਿੰਮਵਾਰੀ ਤੋਂ ਭੱਜਣਾ ਹੈ।ਸੁਝਾਅ ਤੇ ਮੰਗਾਂ: ਉਪਰੋਤਕ ਸਿਟਿਆਂ ਦੇ ਮੱਦੇ-ਨਜ਼ਰ ਜਮਹੂਰੀ ਅਧਿਕਾਰ ਸਭਾ ਮੰਗ ਕਰਦੀ ਹੈ:
1) ਐਸ.ਐਸ.ਡੀ.ਕਾਲਜ ਬਰਨਾਲਾ ਦੂਸਰੇ ਸਥਾਨਕ ਪ੍ਰਾਈਵੇਟ ਕਾਲਜਾਂ ਦੀ ਤਰ੍ਹਾਂ ਇਮਤਿਹਾਨ ਫੀਸਾਂ ਲਈ ਫੰਡ ਟਰਾਂਸਫਰ ਸੁਵਿਧਾ( ਆਪਣੇ ਕੋਲੋਂ ਫੀਸਾਂ ਭਰਕੇ ਬਾਅਦ ਵਿਚ ਭਲਾਈ ਵਿਭਾਗ ਤੋਂ ਪ੍ਰਤੀ-ਪੂਰਤੀ ਲੈਣਾ) ਵਾਲਾ ਤਰੀਕਾ ਅਪਣਾਏ ਅਤੇ ਜਿੰਨਾ ਵਿਦਿਆਰਥੀਆਂ ਤੋਂ ਫੀਸਾਂ ਲਈਆਂ ਜਾ ਚੁਕੀਆਂ ਹਨ,ਉਹ ਫੀਸਾਂ ਰੀਫੰਡ ਕੀਤੀਆਂ ਜਾਣ।
2) ਸਸਪੈਂਡ ਕੀਤੇ ਗਏ ਵਿਦਿਆਰਥੀ ਗੁਰਜਿੰਦਰ ਵਿਦਿਆਰਥੀ ਦੀ ਮੁਅਤੱਲੀ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾਵੇ ਅਤੇ ਵਿਦਿਆਰਥੀਆਂ ਦੇ ਆਪਣੀਆਂ ਮੰਗਾਂ ਕਾਲਜ ਅਧਿਕਾਰੀਆਂ ਅੱਗੇ ਰੱਖਣ ਅਤੇ ਜਥੇਬੰਦ ਹੋਣ ਦੇ ਜਮਹੂਰੀ ਹੱਕ ਦਾ ਸਤਿਕਾਰ ਕੀਤਾ ਜਾਵੇ।
3) ਮੇਨਟੀਨੈਂਸ ਅਲਾਉਂਸ ਸਿੱਧਾ ਵਿਦਿਆਰਥੀਆਂ ਦੇ ਬੈਂਕ ਖਾਤੇ ਵਿਚ ਜਮ੍ਹਾ ਹੋਣਾ ਹੁੰਦਾ ਹੈ ।ਇਸ ਕੰਮ ਲਈ ਬੈਂਕ ਖਾਤੇ ਖੂਲਵਾਉਣ ਲਈ ਕਾਲਜ ਅਧਿਕਾਰੀ ਵਿਦਿਆਰਥੀਆਂ ਦੀ ਮਦਦ ਕਰਨ।
4) ਪੰਜਾਬ ਸਰਕਾਰ ਸੁਨਿਸ਼ਚਿਤ ਕਰਵਾਏ ਕਿ ਪ੍ਰਾਈਵੇਟ ਸੰਸਥਾਵਾਂ ਤੇ ਸਰਕਾਰੀ ਸੰਸਥਾਵਾਂ ਵਿਚ ਇਹ ਸਕੀਮ ਇਕ ਸਮਾਨ ਲਾਗੂ ਹੋਵੇ।ਪ੍ਰਾਈਵੇਟ ਸੰਸਥਾਵਾਂ ਵੀ ਸਰਕਾਰੀ ਸੰਸਥਾਵਾਂ ਵਾਂਗ ਇਸ ਸਕੀਮ ਅਧੀਨ ਆਉਂਦੀਆਂ ਸਾਰੀਆਂ ਫੀਸਾਂ ਖੁਦ ਭਰ ਕੇ ਬਾਅਦ ਵਿਚ ਪ੍ਰਤੀ-ਪੂਰਤੀ ਲੈਣ।
5) ਭਲਾਈ ਵਿਭਾਗ/ਪੰਜਾਬ ਸਰਕਾਰ ਪ੍ਰਤੀ-ਪੂਰਤੀ ਮਿਲਣ ਵਿਚ ਆਉਂਦੀ ਦੇਰੀ ਵਾਲੇ ਕਾਰਨਾਂ ਨੂੰ ਦੂਰ ਕਰਕੇ ਸੰਸਥਾਵਾ ਨੂੰ ਫੰਡ ਜਲਦੀ ਮੁਹੱਈਆ ਕਰਵਾਵੇ।
6) ਸੂਬਾ ਸਰਕਾਰ ਆਪਣੇ ਹਿੱਸੇ ਵਾਲੀ ਰਕਮ ਚੋਂ ਇਮਤਿਹਾਨ ਫੀਸ ਸਿਧਾ ਸਬੰਧਿਤ ਯੂਨੀਵਰਸਿਟੀ ਨੂੰ -ਬਿਨਾਂ ਦੇਰੀ ਦੇ-ਅਦਾ ਕਰੇ।
7) ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਇਸ ਸਕੀਮ ਲਈ ਰਾਖਵਾਂ ਰੱਖਿਆ ਪੈਸਾ ਇਸੇ ਸਕੀਮ ਲਈ ਵਰਤਿਆ ਜਾਵੇ।
8) ਪਿਛਲੇ ਦਿਨੀ ਅਖਬਾਰਾਂ ਵਿਚ ਇਸ ਸਕੀਮ ਸਬੰਧੀ ਉਜ਼ਾਗਰ ਹੋਏ ਘਪਲਿਆਂ ਦੀ ਉਚ-ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ ਅਤੇ ਅੱਗੇ ਤੋਂ ਅਜਿਹੇ ਘਪਲੇ ਰੋਕਣ ਲਈ ਢੁਕਵੇਂ ਕਦਮ ਚੁਕੇ ਜਾਣ।
9) ਸਰਕਾਰ ਵਿਦਿਆ ਸਮੇਤ ਮਨੁੱਖ ਦੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਨ ਦੀ ਜ਼ੁੰਮੇਵਾਰੀ ਉਠਾਵੇ, ਇਹਨਾ ਸਹੂਲਤਾਂ ਦੇ ਨਿਜੀਕਰਨ ਦੇ ਰਾਹ ਤੁਰੰਤ ਰੱਦ ਕਰੇ।
ਜਾਰੀ ਕਰਤਾ: ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੁਲੀਵਾਲ ਮੁ: ਨੰ:9463128554
ਜਮਹੂਰੀ ਅਧਿਕਾਰ ਸਭਾ ਬਰਨਾਲਾ  ਮਿਤੀ: 4 ਅਕਤੂਬਰ,2015

ਕਿਸਾਨ ਧਰਨੇ ਸਬੰਧੀ ਸ਼ਹਿਰ ਦੇ ਲੋਕਾਂ ਨੂੰ ਜਮਹੂਰੀ ਅਧਿਕਾਰ ਸਭਾ ਵਲੋਂ ਅਪੀਲ

ਕਿਸਾਨ ਧਰਨੇ ਸਬੰਧੀ ਸ਼ਹਿਰ ਦੇ ਲੋਕਾਂ ਨੂੰ ਜਮਹੂਰੀ ਅਧਿਕਾਰ ਸਭਾ ਵਲੋਂ ਅਪੀਲ
ਬਠਿੰਡਾ ਸ਼ਹਿਰ ਦੇ ਸੂਝਵਾਨ ਲੋਕੋ,
ਪਿਛਲੇ ਗਿਆਰਾਂ ਦਿਨਾਂ ਤੋਂ ਆਪਣੇ ਸ਼ਹਿਰ ਅੰਦਰ ਕਿਸਾਨ-ਮਜ਼ਦੂਰ ਆਪਣੇ ਤਬਾਹ ਹੋਏ ਨਰਮੇ ਦੇ ਮੁਆਵਜੇ ਦੀ ਮੰਗ ਨੂੰ ਲੈਕੇ ਧਰਨਾ ਦੇ ਰਹੇ ਹਨ। ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਇਹ ਲੋਕ ਆਪਣੇ ਘਰਾਂ ਨੂੰ ਛੱਡ ਕੇ ਦਿਨ ਰਾਤ ਖੁੱਲ੍ਹੀਆਂ ਸੜਕਾਂ 'ਤੇ ਬਿਤਾਉਣ ਲਈ ਮਜਬੂਰ ਕਰ ਦਿੱਤੇ ਗਏ ਹਨ। ਚਿੱਟੀ ਮੱਖੀ ਦੇ ਹਮਲੇ ਕਾਰਣ ਪੰਜਾਬ ਵਿੱਚ ਲਗਭੱਗ 7.5 ਲੱਖ ਏਕੜ ਨਰਮਾ ਤਬਾਹ ਹੋ ਗਿਆ ਹੈ। ਸਾਰਾ ਸਾਲ ਟੱਬਰ ਪਾਲਣ ਲਈ ਲੋੜੀਂਦੀ ਆਮਦਨ ਇੱਕੋ ਝਟਕੇ 'ਚ ਡੁੱਬ ਗਈ ਹੈ। ਖੇਤੀ 'ਤੇ ਵਧੇ ਲਾਗਤ ਖਰਚਿਆਂ ਨੇ ਜਿਣਸਾਂ ਦੀ ਹੁੰਦੀ ਬੇਕਦਰੀ ਕਰਕੇ ਬਹੁਤ ਵੱਡੀ ਗਿਣਤੀ ਪਹਿਲਾਂ ਹੀ ਵਾਲ-ਵਾਲ ਕਰਜਈ ਹੈ। ਅਖਬਾਰ ਆਏ ਦਿਨ ਔਸਤਨ ਦੋ ਕਿਸਾਨਾਂ ਦੇ ਖੇਤੀ ਕਰਜਿਆਂ ਕਰਕੇ ਖੁਦਕਸ਼ੀ ਕਰ ਜਾਣ ਦੀਆਂ ਖਬਰਾਂ ਛਾਪ ਰਹੇ ਹਨ। ਅਨੇਕਾਂ ਖੁਦਕਸ਼ੀਆਂ ਅਖਬਾਰਾਂ ਦੀ ਨਜਰ ਤੋਂ ਪਾਸੇ ਰਹਿ ਜਾਂਦੀਆਂ ਹਨ। ਹੁਣ ਨਰਮੇ ਦੀ ਫਸਲ ਤਬਾਹ ਹੋ ਜਾਣ ਨਾਲ ਹਾਲਤ ਹੋਰ ਵੀ ਵਿਗੜ ਗਈ ਹੈ। ਇਹਨਾਂ ਕਿਸਾਨਾਂ 'ਚੋਂ ਵੱਡੀ ਗਿਣਤੀ ਜੋ ਠੇਕੇ 'ਤੇ ਜਮੀਨ ਲੈਕੇ ਵਾਹੀ ਕਰਦੀ ਹੈ, ਉਨ੍ਹਾਂ ਕੋਲ ਠੇਕਾ ਭਰਨ ਜੋਗੇ ਪੈਸੇ ਵੀ ਨਹੀਂ ਰਹੇ।ਹਾਲਤ ਇਨ੍ਹਾਂ ਅੱਗੇ ਜਿੰਦਗੀ ਮੌਤ ਦਾ ਸਵਾਲ ਖੜ੍ਹਾ ਕਰ ਰਹੀ ਹੈ। ਅਜੇ ਚਾਰ ਦਿਨ ਪਹਿਲਾਂ 24 ਸਤੰਬਰ ਨੂੰ ਹੀ ਚੁੱਘੇ ਪਿੰਡ ਦੇ ਇੱਕ 27 ਸਾਲਾ ਭਰ ਜਵਾਨ ਗੱਭਰੂ ਕੁਲਦੀਪ ਸਿੰਘ ਨੇ ਸਲਫਾਸ ਖਾਕੇ ਇਸੇ ਧਰਨੇ ਅੰਦਰ ਆਪਣੀ ਜਾਨ ਦੇ ਦਿੱਤੀ ਹੈ ਅਤੇ ਆਪਣੇ ਖੁਦਕਸ਼ੀ ਨੋਟ ਵਿੱਚ ਸਰਕਾਰ ਨੂੰ ਆਪਣੀ ਮੌਤ ਲਈ ਜੁੰਮੇਵਾਰ ਠਹਿਰਾਇਆ ਹੈ। ਪਰ, ਸਰਕਾਰ ਲਈ ਲਗਭੱਗ ਦੋ ਹਫਤਿਆਂ ਤੋਂ ਸੜਕਾਂ 'ਤੇ ਰੁਲ ਰਹੇ ਇਹ ਕਿਸਾਨ ਮਜ਼ਦੂਰ ਮਰਦ-ਔਰਤਾਂ ਕਿਸੇ ਹੋਰ ਮੁਲਕ ਦੇ ਬਸ਼ਿੰਦੇ ਹਨ। ਇਨ੍ਹਾਂ ਲੋਕਾਂ ਦੀ ਅਵਾਜ ਇਸ ਲੋਕਤੰਤਰ ਲਈ ਕੋਈ ਮਾਅਨੇ ਨਹੀਂ ਰੱਖਦੀ। ਜਾਅਲੀ ਬੀਜ ਤੇ ਕੀੜੇਮਾਰ ਦਵਾਈਆਂ ਬਣਾਉਣ ਅਤੇ ਕਿਸਾਨਾਂ ਨੂੰ ਸਪਲਾਈ ਕਰਨ ਵਾਲਿਆਂ ਵਿਰੁੱਧ ਉੱਕਾ ਹੀ ਕੋਈ ਕਾਰਵਾਈ ਨਾ ਕਰਕੇ ਇਸ ਕਿਸਾਨ ਮਾਰੂ ਸਾਜਿਸ਼ ਅੰਦਰ ਸਰਕਾਰੀ ਤੰਤਰ ਦੇ ਅਨੇਕਾਂ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਸ਼ਮੂਲੀਅਤ ਤੋਂ ਸ਼ਰੇਆਮ ਮੁਨਕਰ ਹੋਕੇ ਉਲਟਾ ਇਸ ਨੁਕਸਾਨ ਦਾ ਦੋਸ ਵੀ ਕਿਸਾਨਾਂ ਦੇ ਸਹੀ ਸਪਰੇਆਂ ਨਾ ਕਰਨ ਸਿਰ ਮੜ੍ਹਿਆ ਜਾ ਰਿਹਾ ਹੈ ਤੇ ਸਰਕਾਰੀ ਜੁੰਮੇਵਾਰੀ ਤੋਂ ਪੂਰੀ ਤਰ੍ਹਾਂ ਮੁਨਕਰ ਹੋਇਆ ਜਾ ਰਿਹਾ ਹੈ। ਸੋ, ਇਨ੍ਹਾਂ ਦੀ ਸੁਣਵਾਈ ਲਈ ਕੋਈ ਦਰ ਨਹੀਂ। ਸੰਘਰਸ਼ ਤੋਂ ਬਿਨਾਂ ਕੋਈ ਰਾਹ ਨਹੀਂ। ਇਹ ਹਾਲਤ ਇਨ੍ਹਾਂ ਲੋਕਾਂ ਤੋਂ ਸਭ ਤੋਂ ਮੁਢਲਾ ਹੱਕ - ਜਿਉਣ ਦਾ ਹੱਕ ਖੋਹ ਰਹੀ ਹੈ। ਨਰਮੇ ਦੇ ਮੁਆਵਜੇ ਦੀ ਲੜਾਈ, ਇਨ੍ਹਾਂ ਲਈ ਜਿੰਦਗੀਆਂ ਚਲਦੀਆਂ ਰੱਖਣ ਦੀ ਲੜਾਈ ਬਣੀ ਹੋਈ ਹੈ।
ਆਪਣੀ ਪੀੜ ਸਾਂਝੀ ਹੈ?
1. ਜਿਹੜੀਆਂ ਸਰਕਾਰੀ ਨੀਤੀਆਂ ਨੇ ਆਪਣੇ ਕਾਰੋਬਾਰਾਂ, ਰੁਜ਼ਗਾਰਾਂ, ਦੁਕਾਨਾਂ ਨੂੰ ਫੇਲ੍ਹ ਕੀਤਾ ਹੈ, ਉਹੀ ਨੀਤੀਆਂ ਖੇਤੀ ਧੰਦੇ ਨੂੰ ਫੇਲ੍ਹ ਕਰਨ ਵਾਲੀਆਂ ਹਨ। ਇਹ ਨੀਤੀਆਂ ਵੱਡੇ ਕਾਰੋਬਾਰਾਂ ਤੇ ਕੰਪਨੀਆਂ ਨੂੰ ਪ੍ਰਫੁਲਤ ਕਰਨ ਵਾਲੀਆਂ ਹਨ, ਸਰਕਾਰੀ ਨੌਕਰੀਆਂ ਖਤਮ ਕਰਕੇ ਤੇ ਸਰਕਾਰੀ ਅਦਾਰਿਆਂ ਨੂੰ ਫੇਲ੍ਹ ਕਰਕੇ ਵੱਡੇ ਪ੍ਰਾਈਵੇਟ ਅਦਾਰਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਹਨ, ਛੋਟੇ ਕਾਰੋਬਾਰਾਂ, ਫਸਲਾਂ, ਲੋਕਾਂ ਦਾ ਉਜਾੜਾ ਕਰਨ ਵਾਲੀਆਂ ਹਨ।
2. ਜੇ ਖੇਤੀ ਵੱਧਦੀ ਫੁੱਲਦੀ ਹੈ ਤਾਂ ਹੀ ਦੂਸਰੇ ਧੰਦੇ, ਕਾਰੋਬਾਰ, ਕਿੱਤੇ ਚੱਲ ਸਕਦੇ ਹਨ। ਜੇ ਸਾਡੀ ਵਸੋਂ ਦੀ ਬਹੁ-ਗਿਣਤੀ ਬਣਦੀ ਕਿਸਾਨੀ ਹੀ ਸੰਕਟ ਦਾ ਸ਼ਿਕਾਰ ਹੈ ਤਾਂ ਸਾਡੀਆਂ ਦੁਕਾਨਾਂ ਵੀ ਗਾਹਕਾਂ ਤੋਂ ਸਖਣੀਆਂ ਰਹਿਣੀਆਂ ਹਨ ਤੇ ਹੋਰ ਧੰਦੇ ਵੀ ਮੰਦੇ 'ਚ ਰਹਿਣੇ ਹਨ।
3. ਸਾਨੂੰ ਆਪੋ-ਵਿੱਚ ਪਾੜਨ ਨਾਲ ਹੀ ਇਹ ਨੀਤੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਇੱਕਜੁੱਟ ਲੋਕ ਵਿਰੋਧ ਇਨ੍ਹਾਂ ਦੇ ਲਾਗੂ ਹੋਣ 'ਚ ਅੜਿਕਾ ਡਾਹੁੰਦਾ ਹੈ। ਇਸ ਕਰਕੇ ਸ਼ਹਿਰੀ ਲੋਕਾਂ ਨੂੰ ਆਵਾਜਾਈ ਦੀ ਪ੍ਰੇਸ਼ਾਨੀ ਜਾਂ ਗੰਦਗੀ ਫੈਲਣ ਦੇ ਨਾਂ ਹੇਠ ਇਨ੍ਹਾਂ ਲੋਕਾਂ ਵਿਰੁੱਧ ਭੜਕਾਇਆ ਜਾਂਦਾ ਹੈ। ਪਰ, ਮੌਤ ਦੇ ਫੰਦੇ ਗਲ 'ਚ ਪਾਉਣ ਲਈ ਮਜ਼ਬੂਰ ਕੀਤੇ ਗਏ ਇਹ ਲੋਕ ਸਾਡੇ ਆਪਣੇ ਹਨ। ਇਹਨਾਂ ਦਾ ਸੰਕਟ ਤੇ ਪੀੜ ਮਹਿਸੂਸ ਕਰਨੀ ਤੇ ਉਸ ਵਿੱਚ ਇਸ ਘੜੀ ਭਾਈਵਾਲ ਬਨਣਾ ਸਭਨਾਂ ਇਨਸਾਫਪਸੰਦ ਸ਼ਹਿਰੀਆਂ ਦਾ ਫਰਜ ਬਣਦਾ ਹੈ।
4. ਆਪਣੀ ਵਾਜਬ ਮੰਗ ਲਈ ਅਵਾਜ ਬੁਲੰਦ ਕਰਨਾ ਸਭਨਾਂ ਲੋਕਾਂ ਦਾ ਜਮਹੂਰੀ ਹੱਕ ਹੈ। ਸਰਕਾਰ ਇਨ੍ਹਾਂ ਲੋਕਾਂ ਤੋਂ ਇਹ ਹੱਕ ਖੋਹ ਰਹੀ ਹੈ।
ੳ) ਉਹਨਾਂ ਨੂੰ ਸ਼ਹਿਰ ਅੰਦਰ ਮੁਜਾਹਰਾ ਕਰਨ ਦੀ ਇਜਾਜਤ ਨਾ ਦੇਕੇ
ਅ) ਧਰਨੇ 'ਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਮਜ਼ਦੂਰਾਂ ਨੂੰ ਥਾਂ-ਪਰ-ਥਾਂ ਰੋਕ ਕੇ
ੲ) ਸ਼ਾਂਤੀ-ਪੂਰਬਕ ਧਰਨੇ ਤੇ ਬੈਠੇ ਲੋਕਾਂ ਤੇ ਖਾਸਕਰ ਔਰਤਾਂ ਲਈ ਅਤਿ ਲੋੜੀਂਦੇ ਪਾਖਾਨਿਆਂ, ਪੀਣ ਦੇ ਪਾਣੀ ਤੇ ਮੈਡੀਕਲ ਐਮਰਜੈਂਸੀ ਸਹੂਲਤਾਂ ਦਾ ਇੰਤਜਾਮ ਨਾ ਕਰਕੇ, ਆਲੇ-ਦੁਆਲੇ ਉਪਲੱਬਧ ਪਾਖਾਨਿਆਂ ਨੂੰ ਬੰਦ ਕਰਵਾ ਕੇ
ਸ) ਬਠਿੰਡਾ ਦੀਆਂ ਸਭਨਾਂ ਪ੍ਰੈਸਾਂ ਨੂੰ ਸੰਘਰਸ਼ ਨਾਲ ਸਬੰਧਤ ਕੋਈ ਵੀ ਲੀਫਲੈਟ, ਪੋਸਟਰ ਛਾਪਣ ਦੀ ਮਨਾਹੀ ਕਰਕੇ
ਸਾਰੇ ਸੂਝਵਾਨ ਲੋਕਾਂ ਨੂੰ ਉਹਨਾਂ ਦੇ ਇਸ ਜਮਹੂਰੀ ਹੱਕ ਦੀ ਰਾਖੀ ਲਈ ਅਵਾਜ ਬੁਲੰਦ ਕਰਨੀ ਚਾਹੀਦੀ ਹੈ।
5. ਜਿੱਥੇ ਸਾਰੇ ਤਰ੍ਹਾਂ ਦੀਆਂ ਰਾਜਸੀ ਪਾਰਟੀਆਂ ਤੇ ਹਾਕਮ ਜਮਾਤਾਂ ਟੀ.ਵੀ ਚੈਨਲਾਂ ਤੇ ਬਹੁ-ਗਿਣਤੀ ਅਖਬਾਰਾਂ ਨੇ ਸਾਡੇ ਲੋਕਾਂ ਦੀ ਦੁਰਦਸ਼ਾ ਵਲੋਂ ਜਾਣ-ਬੁੱਝਕੇ ਅੱਖਾਂ ਮੀਟੀਆਂ ਹੋਈਆਂ ਹਨ, ਉੱਥੇ ਉਹ ਜਾਗਦੀ ਜਮੀਰ ਵਾਲੇ ਹਿੱਸੇ ਵੀ ਹਨ, ਜੋ ਨਿਰੰਤਰ ਇਨ੍ਹਾਂ ਲੋਕਾਂ ਦੀ ਹਮਾਇਤ ਕਰ ਰਹੇ ਹਨ। ਜੇ ਪਿੰਡਾਂ ਵਿੱਚੋਂ ਲਗਾਤਾਰ ਲੰਗਰ ਆ ਰਿਹਾ ਹੈ ਤਾਂ ਸ਼ਹਿਰੀ ਲੋਕਾਂ ਵਲੋਂ ਵੀ ਚਾਹ, ਰੋਟੀਆਂ, ਫਲ ਤੇ ਆਰਥਕ ਮਦਦ ਰਾਹੀਂ ਆਪਸੀ ਰਿਸ਼ਤਾ ਜਤਾਇਆ ਤੇ ਨਿਭਾਇਆ ਜਾ ਰਿਹਾ ਹੈ।
ਆਓ, ਇਸ ਰਿਸ਼ਤੇ ਨੂੰ ਮਜਬੂਤ ਕਰੀਏ। ਇਨ੍ਹਾਂ ਲੋਕਾਂ ਦੀ ਅਵਾਜ ਬਣੀਏ। ਨੁਕਸਾਨੀਆਂ ਫਸਲਾਂ ਦੇ ਮੁਆਵਜੇ ਤੇ ਦੋਸ਼ੀ ਕੰਪਨੀਆਂ ਤੇ ਅਧਿਕਾਰੀਆਂ, ਸਿਆਸਤਦਾਨਾਂ ਨੂੰ ਸਜਾ ਦੇਣ ਸਮੇਤ ਸਭਨਾਂ ਹੱਕੀ ਮੰਗਾ, ਦਾ ਸਮਰਥਨ ਕਰੀਏ। ਇਨ੍ਹਾਂ ਲੋਕਾਂ ਦੇ ਜਿਉਣ ਦੇ ਹੱਕ ਤੇ ਸੰਘਰਸ਼ ਕਰਨ ਦੇ ਹੱਕ ਵਿੱਚ ਅਵਾਜ ਉਠਾਈਏ ਤੇ ਇਨ੍ਹਾਂ ਦੀ ਹਰ ਸੰਭਵ ਇਮਦਾਦ ਕਰੀਏ।
ਵਲੋਂ: ਜਮਹੂਰੀ ਅਧਿਕਾਰ ਸਭਾ, ਇਕਾਈ ਬਠਿੰਡਾ।
ਬੱਗਾ ਸਿੰਘ (ਪ੍ਰਧਾਨ) ਰਣਧੀਰ ਗਿੱਲਪੱਤੀ (ਸਕੱਤਰ) ਸੁਦੀਪ ਸਿੰਘ (ਪ੍ਰੈਸ ਸਕੱਤਰ)   ਸੰਪਰਕ: (98889864669)