''ਜਮਹੂਰੀ ਸ਼ਖਸੀਅਤਾਂ ਦੀ ਜ਼ੁਬਾਨਬੰਦੀ ਕਰਨ ਲਈ ਫਰਜ਼ੀ ਮਾਮਲੇ ਵਿਚ ਫਸਾਇਆ ਗਿਆ'' - ਪ੍ਰੋਫੈਸਰ ਜਗਮੋਹਣ ਸਿੰਘ
ਨਵਾਂਸ਼ਹਿਰ: ''ਇਸ ਵਕਤ ਦੇਸ਼ ਬ
ਹੁਤ ਹੀ ਭਿਆਨਕ ਹਾਲਾਤ ਵਿੱਚੋਂ ਗੁਜ਼ਰ ਰਿਹਾ ਹੈ ਜਿਥੇ ਕਾਨੂੰਨ ਕਾਰਪੋਰੇਟ ਅਤੇ ਹਾਕਮ ਜਮਾਤ ਦੇ ਗੱਠਜੋੜ ਦੇ ਹੱਕ ਵਿਚ ਭੁਗਤ ਰਿਹਾ ਹੈ, ਪੁਲਿਸ ਕਾਰਪੋਰੇਟਾਂ ਦੇ ਨਿੱਜੀ ਮਾਫ਼ੀਆ ਵਜੋਂ ਕੰਮ ਕਰ ਰਹੀ ਹੈ ਅਤੇ ਜਮਹੂਰੀ ਤਾਕਤਾਂ ਨੂੰ ਇਕ ਸਾਜਿਸ਼ ਤਹਿਤ ਝੂਠੇ ਕੇਸਾਂ ਵਿਚ ਫਸਾਕੇ ਜੇਲ੍ਹਾਂ ਵਿਚ ਸਾੜਿਆ ਰਿਹਾ ਹੈ।'' ਇਹ ਵਿਚਾਰ ਅੱਜ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਇਕਾਈ ਵੱਲੋਂ ਗੜ੍ਹਚਿਰੌਲੀ (ਮਹਾਰਾਸ਼ਟਰ) ਵਿਚ 40 ਦੇ ਕਰੀਬ ਮਾਓਵਾਦੀਆਂ ਤੇ ਆਦਿਵਾਸੀਆਂ ਨੂੰ ਝੂਠੇ ਪੁਲਿਸ ਮੁਕਾਬਲੇ ਬਣਾਕੇ ਕਤਲ ਕਰਨ ਦਾ ਵਿਰੋਧ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦੇ ਹੋਏ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਨਵੈਨਸ਼ਨ ਦੇ ਮੁੱਖ ਬੁਲਾਰਿਆਂ ਸ਼ਹੀਦ ਭਗਤ ਸਿੰਘ ਦੇ ਭਾਣਜਾ ਪ੍ਰੋਫੈਸਰ ਜਗਮੋਹਣ ਸਿੰਘ ਜਨਰਲ ਸਕੱਤਰ ਜਮਹੂਰੀ ਅਧਿਕਾਰ ਸਭਾ ਅਤੇ ਐਡਵੋਕੇਟ ਦਲਜੀਤ ਸਿੰਘ ਸੂਬਾ ਕਨਵੀਨਰ ਡੈਮੋਕਰੇਟਿਕ ਲਾਇਰਜ਼ ਐਸੋਸੀਏਸ਼ਨ ਨੇ ਪ੍ਰਗਟ ਕੀਤੇ। ਕਨਵੈਨਸ਼ਨ ਦੇ ਪ੍ਰਧਾਨਗੀ ਮੰਡਲ ਵਿਚ ਮੁੱਖ ਬੁਲਾਰਿਆਂ ਦੇ ਨਾਲ ਇਸਤਰੀ ਜਾਗਰਿਤੀ ਮੰਚ ਦੇ ਆਗੂ ਗੁਰਬਖ਼ਸ਼ ਕੌਰ ਸੰਘਾ, ਜ਼ਿਲ੍ਹਾ ਪ੍ਰਧਾਨ ਗੁਰਨੇਕ ਸਿੰਘ ਅਤੇ ਜਸਬੀਰ ਦੀਪ ਸ਼ੁਸ਼ੋਭਿਤ ਸਨ।
ਗੜ੍ਹਚਿਰੌਲੀ ਵਿਚ ਆਦਿਵਾਸੀਆਂ ਅਤੇ ਮਾਓਵਾਦੀਆਂ ਦੀ ਫਰਜੀ ਪੁਲਿਸ ਮੁਕਾਬਲਿਆਂ ਵਿਚ ਹੱਤਿਆਵਾਂ ਦੀ ਚਰਚਾ ਕਰਦਿਆਂ ਮੁੱਖ ਬੁਲਾਰਿਆਂ ਨੇ ਕਿਹਾ ਕਿ ਹਥਿਆਰਬੰਦ ਦਸਤੇ ਉੱਥੇ ਅੰਡਰ ਬੈਰਲ ਗਰਨੇਡ ਲਾਂਚਰ (ਯੂ ਬੀ ਜੀ ਐੱਲ) ਅਤੇ ਮਾਰਟਰ ਵਰਗੇ ਆਧੁਨਿਕ ਹਥਿਆਰਾਂ ਨਾਲ ਲੋਕਾਂ ਦਾ ਕਤਲੇਆਮ ਕਰ ਰਹੇ ਹਨ ਜਿਹੜੇ ਕਿ ਭਾਰਤੀ ਫ਼ੌਜ ਵਲੋਂ ਸਰਹੱਦ ਤੇ ਦੇਸ਼ ਦੇ ਦੁਸ਼ਮਣਾਂ ਨਾਲ ਲੜੀ ਜਾਂਦੀ ਜੰਗ ਦੌਰਾਨ ਵਰਤੇ ਜਾਂਦੇ ਹਨ। ''ਆਪਰੇਸ਼ਨ ਸਮਾਧਨ'' ਅਧੀਨ ਸੀ ਆਰ ਪੀ ਐਫ ਦੀ ਸੀ-60 ਬਟਾਲੀਅਨ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਆਦਿਵਾਸੀ ਪ੍ਰਤੀਰੋਧ ਨੂੰ ਕੁਚਲਣ ਲਈ ਭੇਜਿਆ ਗਿਆ ਹੈ। ਜੰਗਲ ਕਬਾਇਲੀ ਲੋਕਾਂ ਦੀ ਜੀਵਨ ਰੇਖਾ ਹਨ ਤੇ ਉਨ੍ਹਾਂ ਦੇ ਉਜਾੜੇ ਦਾ ਮਤਲਬ ਕਬਾਇਲੀ ਲੋਕਾਂ ਦੀ ਮੌਤ ਹੈ। ਭਾਰਤੀ ਰਾਜ ਆਪਣੇ ਹੀ ਲੋਕਾਂ ਦਾ ਕਤਲੇਆਮ ਕਰ ਕੇ ਸੁਪਰੀਮ ਕੋਰਟ ਅਤੇ ਆਦਿਵਾਸੀਆਂ ਤੇ ਜੰਗਲ ਸੰਬੰਧੀ ਕਾਨੂੰਨਾਂ ਦੀਆਂ ਧੱਜੀਆਂ ਉਡਾ ਰਿਹਾ ਹੈ। ਬਾਈ ਤੇਈ ਤੇ ਚੌਵੀ ਅਪਰੈਲ ਦੇ ਵਹਿਸ਼ੀ ਕਤਲੇਆਮ ਰਾਜ ਦੀ ਝੂਠੇ ਮੁਕਾਬਲਿਆਂ ਰਾਹੀਂ ਗ਼ੈਰਅਦਾਲਤੀ ਹੱਤਿਆਵਾਂ ਦੀ ਬਾਕਾਇਦਾ ਨੀਤੀ ਤਹਿਤ ਕੀਤੇ ਗਏ ਹਨ। ਪੰਜ ਜਮਹੂਰੀ ਕਾਰਕੰਨਾਂ ਨੂੰ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜਿਸ਼ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕਰਨ ਦੀ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਇਹ ਭੀਮਾ ਕੋਰੇਗਾਓਂ ਵਿਚ ਦਲਿਤ ਵਿਰੋਧੀ ਹਿੰਸਾ ਲਈ ਜ਼ਿੰਮੇਵਾਰ ਦੋ ਮੁੱਖ ਹਿੰਦੂਤਵ ਆਗੂਆਂ ਨੂੰ ਬਚਾਉਣ ਅਤੇ ਇਸ ਮਾਮਲੇ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਚਾਲ ਹੈ। ਅਤੇ ਇਹ ਭਾਜਪਾ ਦੀ ਨਰਿੰਦਰ ਮੋਦੀ ਦਾ ਜਲੌਅ ਫਿੱਕਾ ਪੈਣ ਸਮੇਂ ਹਮਦਰਦੀ ਬਟੋਰਨ ਦੀ ਪੁਰਾਣੀ ਨੀਤੀ ਹੈ। ਜਦੋਂ ਹਾਕਮ ਜਮਾਤਾਂ ਆਰਥਕ ਅਤੇ ਸਮਾਜਿਕ ਸੰਕਟ ਨੂੰ ਹੱਲ ਕਰਨ ਦੇ ਨਾਕਾਬਲ ਹੁੰਦੀਆਂ ਹਨ ਉਦੋਂ ਸਾਜ਼ਿਸ਼ਾਂ ਦੇ ਬਹਾਨੇ ਲੋਕ ਹਿੱਤਾਂ ਲਈ ਲੜਨ ਵਾਲੀਆਂ ਤਾਕਤਾਂ ਨੂੰ ਫਰਜ਼ੀ ਮਾਮਲਿਆਂ ਵਿਚ ਫਸਾਉਣ ਦਾ ਵਰਤਾਰਾ ਸਾਹਮਣੇ ਆਉਂਦਾ ਹੈ। ਯੂ ਏ ਪੀ ਏ ਵਰਗੇ ਕਾਨੂੰਨ ਸੁਪਰੀਮ ਕੋਰਟ ਦੇ 'ਜੇਲ੍ਹ ਨਹੀਂ ਜ਼ਮਾਨਤ ਨੂੰ ਪਹਿਲ' ਦੇ ਦਿਸ਼ਾ-ਨਿਰਦੇਸ਼ ਦਾ ਖੁੱਲ੍ਹੇਆਮ ਮਜ਼ਾਕ ਹਨ। ਸਮਾਜਿਕ ਸਰੋਕਾਰਾਂ ਪ੍ਰਤੀ ਸੰਵੇਦਨਸ਼ੀਲ ਹੋਕੇ ਉਹਨਾਂ ਲਈ ਸੰਘਰਸ਼ ਕਰਨਾ ਜੁਰਮ ਨਹੀਂ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਜਿਸ ਨੂੰ ਭਾਰਤੀ ਹਾਕਮਾਂ ਨੇ ਅੰਦਰੂਨੀ ਸੁਰੱਖਿਆ ਦੇ ਬਹਾਨੇ ਗ਼ੈਰਜ਼ਮਾਨਤੀ ਜੁਰਮ ਬਣਾ ਦਿੱਤਾ ਹੈ। ਕਨਵੈਨਸ਼ਨ ਵਿਚ ਮੰਗ ਕੀਤੀ ਗਈ ਕਿ ਕਸ਼ਮੀਰ ਦੇ ਸੀਨੀਅਰ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੇ ਕਤਲ ਦੀ ਉੱਚ ਪੱਧਰੀ ਅਦਾਲਤੀ ਜਾਂਚ ਕਰਾਈ ਜਾਵੇ ਅਤੇ ਕਸ਼ਮੀਰ ਵਿਚ ਭਾਰਤੀ ਸੁਰੱਖਿਆ ਬਲਾਂ ਵਲੋਂ ਮਨੁੱਖੀ ਹੱਕਾਂ ਦਾ ਘਾਣ ਬੰਦ ਕੀਤਾ ਜਾਵੇ। ਪ੍ਰਧਾਨ ਮੰਤਰੀ ਦੀ ਹੱਤਿਆ ਦੀ ਕਥਿਤ ਸਾਜਿਸ਼ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਜਮਹੂਰੀ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਗੜ੍ਹਚਿਰੌਲੀ ਵਿਚ ਬਣਾਏ ਝੂਠੇ ਪੁਲਿਸ ਮੁਕਾਬਲਿਆਂ ਦੀ ਉਚ ਪੱਧਰੀ ਜਾਂਚ ਕਰਵਾਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੁਲਿਸ ਮੁਕਾਬਲਿਆਂ ਰਾਹੀਂ ਕਤਲ ਬੰਦ ਕੀਤੇ ਜਾਣ ਅਤੇ ਓਪਰੇਸ਼ਨ ਗ੍ਰੀਨ ਹੰਟ ਵਾਪਸ ਲਿਆ ਜਾਵੇ। ਤੂਤੀਕੁਰੀਨ ਵਿਚ 13 ਲੋਕਾਂ ਦੀਆਂ ਹੱਤਿਆਵਾਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਐਡਵੋਕੇਟ ਵਾਂਚੀ ਨਾਥਨ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਕੁਲਵਿੰਦਰ ਵੜੈਚ, ਪ੍ਰਿੰਸੀਪਲ ਇਕਬਾਲ ਸਿੰਘ, ਇੰਜੀਨੀਅਰ ਅਸ਼ੋਕ ਕੁਮਾਰ, ਇੰਜੀਨੀਅਰ ਹਰਪਾਲ ਸਿੰਘ, ਹਰਮੇਸ਼ ਢੇਸੀ, ਕਾ. ਮਹਿੰਦਰ ਸਿੰਘ ਪੈਰੜ, ਕਮਲਜੀਤ ਸਿੰਘ ਸਨਾਵਾ, ਅਵਤਾਰ ਸਿੰਘ ਕੱਟ, ਕਮਲਜੀਤ ਮਹੇ, ਸਤੀਸ਼ ਕੁਮਾਰ, ਬਲਜੀਤ ਸਿੰਘ ਧਰਮਕੋਟ, ਪ੍ਰਵੀਨ ਕੁਮਾਰ ਨਿਰਾਲਾ, ਹਰੀਰਾਮ ਰਸੂਲਪੁਰੀ, ਤੀਰਥ ਰਸੂਲਪੁਰੀ, ਸੁਖਦੇਵ ਡਾਨਸੀਵਾਲ, ਮੁਕੇਸ਼ ਕੁਮਾਰ, ਤਰਸੇਮ ਸਿੰਘ, ਮਾਸਟਰ ਨਰਿੰਦਰ ਸਿੰਘ, ਰਣਜੀਤ ਕੌਰ ਸਮੇਤ ਬਹੁਤ ਸਾਰੀਆਂ ਜਮਹੂਰੀ ਸਖਸੀਅਤਾਂ ਅਤੇ ਜਨਤਕ ਆਗੂ ਹਾਜਰ ਸਨ। ਸਟੇਜ ਦਾ ਸੰਚਾਲਨ ਜ਼ਿਲ੍ਹਾ ਸਕੱਤਰ ਜਸਬੀਰ ਦੀਪ ਵਲੋਂ ਕੀਤਾ ਗਿਆ। ਅਤੇ ਜ਼ਿਲ੍ਹਾ ਪ੍ਰਧਾਨ ਗੁਰਨੇਕ ਸਿੰਘ ਵਲੋਂ ਧੰਨਵਾਦ ਕੀਤਾ ਗਿਆ।
ë