ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ ਅਤੇ ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਕੇ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਸ਼ੁਰੂ ਹੋਏ ਰੋਸ ਪ੍ਰਗਟਾਵੇ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਆਮ ਲੋਕ ਵੀ ਇਹ ਸਮਝ ਚੁੱਕੇ ਹਨ ਕਿ ਸਾਰੀਆਂ ਹੀ ਹਾਕਮ ਜਮਾਤੀ ਪਾਰਟੀਆਂ ਨਸ਼ਿਆਂ ਦੇ ਗੰਭੀਰ ਮਸਲੇ ਅਤੇ ਹੋਰ ਲੋਕਾਂ ਦੀ ਜਿੰਦਗੀ ਨਾਲ ਜੁੜੇ ਮਸਲਿਆ ਨੂੰ ਸਿਰਫ਼ ਤੇ ਸਿਰਫ਼ ਆਪਣੇ ਰਾਜਨੀਤਕ ਮੁਫ਼ਾਦਾਂ ਦੀ ਪੂਰਤੀ ਲਈ ਵਰਤ ਰਹੀਆਂ ਹਨ ਅਤੇ ਨਸ਼ੇ, ਖਣਨ ਮਾਫ਼ੀਆ, ਬੇਰੋਜ਼ਗਾਰੀ, ਖੇਤੀ ਸੰਕਟ ਵਰਗੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੇ ਮੁੱਦਿਆਂ ਨੂੰ ਰਾਜਨੀਤਕ ਪੌੜੀ ਬਣਾਕੇ ਸੱਤਾ ਉੱਪਰ ਕਾਬਜ਼ ਹੋਈ ਕੈਪਟਨ ਸਰਕਾਰ ਦੀ ਨਸ਼ਿਆਂ ਨੂੰ ਕੰਟਰੋਲ ਕਰਨ ਦੀ ਕੋਈ ਇੱਛਾ ਨਹੀਂ ਅਤੇ ਸਰਕਾਰ ਵਲੋਂ ਕਿਸੇ ਵੀ ਮਸਲੇ ਨੂੰ ਹੱਲ ਕਰਨ ਪ੍ਰਤੀ ਸੰਜੀਦਗੀ ਦਿਖਾਉਣ ਦੀ ਬਜਾਏ ਕੇਵਲ ਡੰਗ ਟਪਾਊ ਸਿਆਸਤ ਖੇਡੀ ਜਾ ਰਹੀ ਹੈ ਅਤੇ ਕੇਵਲ ਚਾਰ ਦਿਨਾਂ ਵਿਚ ਸੂਬੇ ਦੇ ਦੋ ਜ਼ਿਲ੍ਹਿਆਂ ਵਿਚ ਨਸ਼ਿਆਂ ਕਾਰਨ ਸੱਤ ਨੌਜਵਾਨ ਜ਼ਿੰਦਗੀਆਂ ਦੇ ਲਾਸ਼ਾਂ ਬਣ ਜਾਣ ਤੋਂ ਬਾਦ ਵੀ ਸਰਕਾਰ ਕੁੰਭਕਰਨੀ ਨੀਂਦ ਤੋਂ ਜਾਗਣ ਲਈ ਤਿਆਰ ਨਹੀਂ ਤਾਂ ਆਮ ਲੋਕਾਂ ਵਲੋਂ ਨਸ਼ਿਆਂ ਨਾਲ ਪੰਜਾਬ ਦੀ ਤਬਾਹੀ ਤੋਂ ਫ਼ਿਕਰਮੰਦ ਹੋਕੇ ਹਰਕਤ ਵਿਚ ਆਉਣਾ ਇਕ ਸਾਰਥਕ ਰੁਝਾਨ ਹੈ। ਉਹਨਾਂ ਕਿਹਾ ਸਭਾ ਇਸ ਗੱਲ ਉੱਪਰ ਜ਼ੋਰ ਦੇਣਾ ਚਾਹੁੰਦੀ ਹੈ ਕਿ ਇਸ ਨਾਜ਼ੁਕ ਮੋੜ ਉੱਪਰ ਆਮ ਲੋਕਾਂ ਦੀ ਨਸ਼ਿਆਂ ਤੋਂ ਮੁਕਤੀ ਦੀ ਭਾਵਨਾ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ ਕਿਉਂਕਿ ਐਨੀ ਵਿਆਪਕ ਤਾਦਾਦ ਵਿਚ ਨੌਜਵਾਨਾਂ ਦੇ ਨਸ਼ਿਆਂ ਦਾ ਸ਼ਿਕਾਰ ਹੋਣ ਦਾ ਸਿੱਧਾ ਸਬੰਧ ਨੌਜਵਾਨਾਂ ਵਿਚ ਘਰ ਚੁੱਕੀ ਘੋਰ ਮਾਯੂਸੀ ਨਾਲ ਹੈ ਅਤੇ ਵਿਦਿਅਕ ਢਾਂਚਾ ਨੌਜਵਾਨਾਂ ਦੀ ਰਚਨਾਤਮਕ ਸ਼ਕਤੀ ਨੂੰ ਪ੍ਰਫੁੱਲਤ ਕਰਨ ਦੀ ਬਜਾਏ ਉਹਨਾਂ ਨੂੰ ਦਿਸ਼ਾਹੀਣ ਸਕੂਲ ਡਰਾਪ ਆਊਟ ਅੱਧਪੜ੍ਹਾਂ ਅਤੇ ਪੜ੍ਹੇ ਲਿਖੇ ਬੇਰੋਜ਼ਗਾਰਾਂ ਦੀ ਫ਼ੌਜ ਵਿਚ ਬਦਲ ਰਿਹਾ ਹੈ। ਹਾਕਮ ਜਮਾਤੀ ਪਾਰਟੀਆਂ ਦੀਆਂ ਨੀਤੀਆਂ ਨੇ ਨੌਜਵਾਨਾਂ ਤੋਂ ਜ਼ਿੰਦਗੀ ਦੇ ਸੁਪਨੇ ਖੋਹਕੇ ਉਹਨਾਂ ਦਾ ਭਵਿੱਖ ਹਨੇਰਾ ਬਣਾ ਦਿੱਤਾ ਹੈ। ਉਹਨਾਂ ਨੂੰ ਆਪਣੀ ਜਨਮ-ਧਰਤੀ ਤੋਂ ਪ੍ਰਵਾਸ ਕਰਕੇ ਬਦੇਸ਼ ਚਲੇ ਜਾਣ ਅਤੇ ਨਸ਼ਿਆਂ ਤੋਂ ਬਿਨਾ ਕੋਈ ਹੋਰ ਰਸਤਾ ਨਜ਼ਰ ਨਹੀਂ ਆਉਂਦਾ। ਸਟੇਟ ਵਲੋਂ ਇਕ ਸੋਚੀ-ਸਮਝੀ ਨੀਤੀ ਤਹਿਤ ਕਾਨੂੰਨੀ ਅਤੇ ਗੈਰਕਾਨੂੰਨੀ ਨਸ਼ਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕੀਤਾ ਜਾਂਦਾ ਹੈ ਕਿਉਂਕਿ ਨਸ਼ਿਆਂ ਦੀ ਲਪੇਟ ਵਿਚ ਆਈ ਜਵਾਨੀ ਸੱਤਾਧਾਰੀਆਂ ਤੋਂ ਜਵਾਬਦੇਹੀ ਦੀ ਮੰਗ ਕਰਨ ਜੋਗੀ ਨਹੀਂ ਰਹਿੰਦੀ। ਐਸੀ ਹਾਲਤ ਵਿਚ ਨਸ਼ਿਆਂ ਦੇ ਤਸਕਰ ਅਤੇ ਮੁਜਰਿਮਾਂ ਦੇ ਗੈਂਗ, ਜਿਹਨਾਂ ਨੂੰ ਹਾਕਮ ਜਮਾਤੀ ਪਾਰਟੀਆਂ ਦੀ ਰਾਜਨੀਤਕ ਸਰਪ੍ਰਸਤੀ ਅਤੇ ਸੱਤਾ ਦੀ ਸੁਰੱਖਿਆ ਹਾਸਲ ਹੈ, ਮਾਯੂਸ ਨੌਜਵਾਨਾਂ ਨੂੰ ਆਸਾਨੀ ਨਾਲ ਹੀ ਆਪਣੇ ਜਾਲ ਵਿਚ ਫਸਾ ਰਹੇ ਹਨ। ਇਹਨਾਂ ਹਾਲਾਤ ਵਿਚ ਇਹ ਜ਼ਰੂਰੀ ਹੈ ਕਿ ਰੋਸ ਮੁਹਿੰਮ ਵਿਚ ਸ਼ਾਮਲ ਸੰਜੀਦਾ ਹਿੱਸੇ ਇਕ ਹਫ਼ਤੇ ਦੇ ਸੰਕੇਤਕ ਰੋਸ ਤੋਂ ਅੱਗੇ ਤੁਰਨ ਅਤੇ ਨਸ਼ਿਆਂ ਦੇ ਵਰਤਾਰੇ ਦੇ ਖ਼ਿਲਾਫ਼ ਪਿੰਡਾਂ ਅਤੇ ਸ਼ਹਿਰੀ ਮੁਹੱਲਿਆਂ ਦੇ ਅੰਦਰ ਸਮਾਜਿਕ ਭਾਈਚਾਰੇ ਦੀ ਸਮੂਹਿਕ ਤਾਕਤ ਨੂੰ ਹਰਕਤ ਵਿਚ ਲਿਆਕੇ ਲਾਮਬੰਦ ਕਰਨ ਦੀ ਜ਼ਰੂਰਤ ਨੂੰ ਸਮਝਣ। ਔਰਤਾਂ ਦੇ ਅੰਦਰ ਇਸ ਤਬਾਹੀ ਦੇ ਖ਼ਿਲਾਫ਼ ਸਭ ਤੋਂ ਵੱਧ ਸ਼ਿੱਦਤ ਨਾਲ ਲੜਨ ਦੀ ਤਾਕਤ ਹੈ ਕਿਉਂਕਿ ਪਰਿਵਾਰਕ ਜ਼ਿੰਮੇਵਾਰੀਆਂ ਅਤੇ ਰਿਸ਼ਤਿਆਂ ਦੇ ਪੱਧਰ 'ਤੇ ਨਸ਼ਿਆਂ ਦਾ ਸਭ ਤੋਂ ਵੱਧ ਸੰਤਾਪ ਉਹਨਾਂ ਨੂੰ ਝੱਲਣਾ ਪੈਂਦਾ ਹੈ। ਸਭਾ ਨੇ ਪੰਜਾਬ ਦੇ ਭਵਿੱਖ ਪ੍ਰਤੀ ਫਿਕਰਮੰਦ ਸਮੂਹ ਲੋਕ ਹਿਤੈਸ਼ੀ ਅਤੇ ਅਗਾਂਹਵਧੂ ਤਾਕਤਾਂ ਨੂੰ ਇਸ ਰੋਸ ਨੂੰ ਸੱਚੀ ਜਮਹੂਰੀ ਲੋਕ ਲਹਿਰ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਕਿਉਂਕਿ ਇਕ ਜਾਗਰੂਕ ਲੋਕ ਤਾਕਤ ਹੀ ਹੁਕਮਰਾਨਾਂ ਨੂੰ ਸਮਾਜ ਪ੍ਰਤੀ ਜਵਾਬਦੇਹ ਹੋਣ ਲਈ ਮਜਬੂਰ ਕਰ ਸਕਦੀ ਹੈ ਅਤੇ ਨਸ਼ਿਆਂ ਦੇ ਸੰਤਾਪ ਨੂੰ ਠੱਲ ਪਾ ਸਕਦੀ ਹੈ। ਅੱਜ ਸਵਾਲ ਪੰਜਾਬ ਦੇ ਭਵਿਖ ਨੂੰ ਬਚਾਉਣ ਦਾ ਹੈ, ਰਾਜਨੀਤਕ ਹਿਤਾਂ ਦੀਆਂ ਰੋਟੀਆਂ ਸੇਕਣ ਦਾ ਨਹੀ। ਸਮੂਹ ਲੋਕਾਂ ਦੀ , ਲੋਕਾਂ ਲਈ ਜਮਹੂਰੀ ਲਹਿਰ ਇਸ ਦਿਸ਼ਾ ਵਿਚ ਇਕ ਠੋਸ ਕਦਮ ਹੋਵੇਗਾ।
ਪ੍ਰੈੱਸ ਸਕੱਤਰ ਬੂਟਾ ਸਿੰਘ
ਮਿਤੀ: 2 ਜੁਲਾਈ 2018